ਸਰਬਜੀਤ ਸਿੰਘ ਭੰਗੂ
ਪਟਿਆਲਾ, 23 ਅਗਸਤ
ਪਟਿਆਲਾ ਨਗਰ ਨਿਗਮ ਦੀ ਹੱਦ ਤੋਂ ਬਾਹਰਲੀਆਂ ਤੇ ਸੰਘਣੀ ਵੱਸੋਂ ਵਾਲੀਆਂ ਕਲੋਨੀਆਂ ਦੇ ਸਰਵ ਪੱਖੀ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਪਟਿਆਲਾ ਦਿਹਾਤੀ ਅਧੀਨ ਆਉਂਦੀਆਂ ਸੰਘਣੀ ਵੱਸੋਂ ਵਾਲੀਆਂ ਕਲੋਨੀਆਂ ਵਿੱਚ ਸੀਵਰੇਜ ਲਾਈਨ ਪਾਉਣ ਸਮੇਤ ਗਲੀਆਂ ਪੱਕੀਆਂ ਕਰਨ ਲਈ ਇੱਕ ਕਰੋੜ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ ਸੀ। ਇਸ ਗ੍ਰਾਂਟ ਨਾਲ ਨਗਰ ਨਿਗਮ ਦੀ ਹੱਦ ਤੋਂ ਬਾਹਰ ਪੈਂਦੇ ਦੀਪ ਨਗਰ ਦੇ ਕੁਝ ਹਿੱਸੇ ਸਮੇਤ ਰਣਜੀਤ ਨਗਰ ਤੇ ਵਿਕਾਸ ਕਲੋਨੀ ’ਚ ਸੀਵਰੇਜ ਲਾਈਨ ਪਾਉਣ ਸਮੇਤ ਸੜਕਾਂ ਬਣਾਉਣ ਦਾ ਕੰਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਕੰਮ ਦੀ ਦੇਖ-ਰੇਖ ਕਰ ਰਹੇ ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਤੇਜਿੰਦਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਦੱਸਿਆ ਕਿ ਦੀਪ ਨਗਰ ’ਚ ਸੀਵਰੇਜ ਪਾਉਣ, ਗਲੀਆਂ ਬਣਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ। ਰਣਜੀਤ ਨਗਰ ’ਚ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਵੀ ਮੁਕੰਮਲ ਕਰਕੇ ਇੱਥੇ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਜਦੋਂਕਿ ਵਿਕਾਸ ਕਲੋਨੀ ਵਿੱਚ ਮੇਨ ਸੀਵਰੇਜ ਲਾਈਨ ਪਾਈ ਜਾ ਚੁੱਕੀ ਹੈ ਅਤੇ ਹੁਣ ਗਲੀਆਂ ਵਿੱਚ ਸੀਵਰੇਜ ਲਾਈਨਾਂ ਪਾ ਕੇ ਜਲਦੀ ਹੀ ਸੜਕਾਂ ਬਣਾਉਣ ਦਾ ਕੰਮ ਕੀਤਾ ਜਾਵੇਗਾ।