ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਨਵੰਬਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਪਟਿਆਲਾ ਬਲਾਕ ਦੇ ਪਿੰਡ ਪਹਾੜਪੁਰ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ 42 ਏਕੜ ਜ਼ਮੀਨ ’ਤੇ ਓਪਨ ਯੂਨੀਵਰਸਿਟੀ ਖੋਲ੍ਹਣ ਵਿਰੁੱਧ ਰੋਹ ਭਖਿਆ ਹੋਇਆ ਹੈ। ਅੱਜ ਪਹਾੜਪੁਰ ਵਿੱਚ ਚੱਲ ਰਹੇ ਧਰਨੇ ਵਿੱਚ ਇਸ ਗੱਲ ’ਤੇ ਚਰਚਾ ਹੋਈ ਕਿ ਕੁਝ ਲੀਡਰ ਇਸ ਯੂਨੀਵਰਸਿਟੀ ਨੂੰ ਇੱਥੇ ਸਥਾਪਤ ਕਰਵਾਉਣ ਲਈ ਤਰਲੋ ਮੱਛੀ ਹੋਏ ਪਏ ਹਨ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦਿੱਤੂਪੁਰ ਤੇ ਜਨਰਲ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ 17 ਦਸੰਬਰ ਨੂੰ ਪ੍ਰਸ਼ਾਸਨ ਨੇ ਪੁਲੀਸ ਦੀ ਮਦਦ ਨਾਲ ਇਸ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਸਾਬਕਾ ਸਰਪੰਚ ਜਗਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਲੈ ਗਏ ਸਨ ਪਰ ਪਿੰਡ ਦੇ ਲੋਕਾਂ ਤੇ ਯੂਨੀਅਨਾਂ ਨੇ ਪਸਿਆਣਾ ਥਾਣਾ ਘੇਰ ਲਿਆ ਸੀ। ਇਸ ਕਾਰਨ ਜਗਦੀਪ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਸੀ। ਬੀਜੀ ਹੋਈ ਕਣਕ ਕਿਸਾਨਾਂ ਮਜ਼ਦੂਰਾਂ ਵੱਲੋਂ ਵੱਢ ਕੇ ਉੱਥੇ ਕਬਜ਼ਾ ਬਰਕਰਾਰ ਰੱਖਿਆ ਹੋਇਆ ਹੈ। ਆਗੂਆਂ ਦੱਸਿਆ ਕਿ ਇਸ ਜ਼ਮੀਨ ਨੂੰ ਕਿਸੇ ਕੀਮਤ ’ਤੇ ਖੋਹਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਚੱਲ ਰਹੀਆਂ ਯੂਨੀਵਰਸਿਟੀਆਂ ਨੂੰ ਬਣਦੀਆਂ ਗਰਾਟਾਂ ਨਹੀਂ ਦੇ ਰਹੀ। ਪ੍ਰੋਫੈਸਰਾਂ ਨੂੰ ਤਨਖਾਹਾਂ ਨਹੀਂ ਮਿਲਦੀਆਂ ਅਤੇ ਨਾ ਹੀ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਪੱਕਾ ਕੀਤਾ ਜਾ ਰਿਹਾ ਹੈ।