ਖੇਤਰੀ ਪ੍ਰਤੀਨਿਧ
ਪਟਿਆਲਾ, 20 ਸਤੰਬਰ
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ‘ਆਪ’ ਸਰਕਾਰ ਦੇ ਰਾਜ ’ਚ ਪੰਜਾਬੀ ਭਾਸ਼ਾ ਨੂੰ ਨੁੱਕਰੇ ਲਾਉਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਪਿਛਲੇ ਦਿਨੀਂ ‘ਪੰਜਾਬ ਪਬਲਿਕ ਸਰਵਿਸ ਕਮਿਸ਼ਨ’ ਵੱਲੋਂ ਆਸਾਮੀਆਂ ਭਰਨ ਲਈ ਲਏ ਗਏ ਇਮਤਿਹਾਨਾਂ ਦੌਰਾਨ ਸਿਰਫ਼ ਅੰਗਰੇਜ਼ੀ ਭਾਸ਼ਾ ’ਚ ਹੀ ਪ੍ਰਸ਼ਨ ਪੱਤਰ ਦੀ ਵਿਵਸਥਾ ਕਰਨ ਤੇ ਕੁਝ ਹੋਰ ਉਦਾਹਰਨਾਂ ਵੀ ਦਿੱਤੀਆਂ। ਸ੍ਰੀ ਬਡੂੰਗਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬੀ ਭਾਸ਼ਾ ਪ੍ਰਤੀ ‘ਆਪ’ ਸਰਕਾਰ ’ਚ ਘਟ ਰਹੀ ਰੁਚੀ ਨੂੰ ਚਿੰਤਾਜਨਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਤਤਕਾਲੀਨ ਮੁੱਖ ਮੰਤਰੀ ਮਰਹੂਮ ਲਛਮਣ ਸਿੰਘ ਗਿੱਲ ਵੱਲੋਂ ਪੰਜਾਬੀ ਭਾਸ਼ਾ ਐਕਟ ਪਾਸ ਕਰਵਾ ਕੇ ਇਹ ਯਕੀਨੀ ਬਣਾਇਆ ਗਿਆ ਸੀ ਕਿ ਪੰਜਾਬੀ ਭਾਸ਼ਾ ਨੂੰ ਸਨਮਾਨ ਮਿਲਦਾ ਰਹੇਗਾ, ਪਰ ਹੁਣ ਪੰਜਾਬੀ ਭਾਸ਼ਾ ਨੂੰ ਖੋਰਾ ਲਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।