ਪੱਤਰ ਪ੍ਰੇਰਕ
ਪਾਤੜਾਂ, 17 ਜੂਨ
ਕਰੋਨਾਵਾਇਰਸ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਐੱਸਡੀਐੱਮ ਪਾਤੜਾਂ ਡਾ. ਪਾਲਿਕਾ ਅਰੋੜਾ ਵੱਲੋਂ ਸ਼ਹਿਰ ਦੇ ਹੋਟਲ ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹੋਟਲ ਮਾਲਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਹੋਟਲ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨੂੰ ਸੰਬੋਧਨ ਕਰਦਿਆਂ ਐੱਸਡੀਐੱਮ ਪਾਤੜਾਂ ਡਾ. ਪਾਲਿਕਾ ਅਰੋੜਾ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਵੱਲੋਂ ਉਹ ਆਪਣੀਆਂ ਦੁਕਾਨਾਂ ਵਿਚ ਸਾਮਾਨ ਤਿਆਰ ਕਰਕੇ ਗਾਹਕਾਂ ਵੱਲੋਂ ਆਏ ਆਰਡਰ ਉੱਤੇ ਘਰੋਂ-ਘਰੀ ਭੇਜ ਸਕਦੇ ਹਨ ਪਰ ਦੁਕਾਨ ਵਿੱਚ ਮੇਜ਼ਾਂ ’ਤੇ ਬੈਠ ਕੇ ਕਿਸੇ ਨੂੰ ਵੀ ਖਾਣਾ ਆਦਿ ਖਵਾਉਣ ਦੀ ਸੁਵਿਧਾ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਮਠਿਆਈਆਂ ਦੀਆਂ ਦੁਕਾਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਤੁਰੰਤ ਆਪਣੀਆਂ ਦੁਕਾਨਾਂ ਵਿੱਚੋਂ ਮੇਜ਼ ਚੁਕਵਾ ਦੇਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਦੁਕਾਨਦਾਰ ਹਦਾਇਤਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।