ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰੀਕਸ਼ਤ ਸਿੰਘ ਬਰਾੜ ਨੇ ਨਵੀਂ ਦਿੱਲੀ ਵਿੱਚ ਚੱਲ ਰਹੀ ਵਰਲਡ ਯੂਨੀਵਰਸਿਟੀ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਇੱਕ ਦਿਨ ਪਹਿਲਾਂ ਹੀ ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ ਸੋਨੇ ਅਤੇ ਕਾਂਸੀ ਦੇ ਦੋ ਤਗ਼ਮੇ ਜਿੱਤੇ ਸਨ। ਯੂਨੀਵਰਸਿਟੀ ਅਥਾਰਿਟੀ ਵੱਲੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਪ੍ਰੋ. ਅਜੀਤਾ ਨੇ ਖਿਡਾਰੀ ਪ੍ਰੀਕਸ਼ਤ ਸਿੰਘ ਬਰਾੜ ਅਤੇ ਉਸ ਦੀ ਕੋਚ ਸੁਰਿੰਦਰ ਕੌਰ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਤਗ਼ਮੇ ਜਿੱਤਣ ਦੀ ਇਸ ਲੜੀ ਨਾਲ਼ ਯੂਨੀਵਰਸਿਟੀ ਦੇ ਖੇਡ ਵਿਭਾਗ ਦੀ ਕਾਰਗੁਜ਼ਾਰੀ ਉੱਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੇ ਮਾਣ ਵਿੱਚ ਵਾਧਾ ਕਰ ਰਹੀਆਂ ਹਨ ਜੋ ਕਿ ਸਾਡੀ ਸੰਸਥਾ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਅਰਸ਼ਦੀਪ ਕੌਰ ਅਤੇ ਪ੍ਰੀਕਸ਼ਤ ਸਿੰਘ ਬਰਾੜ ਜਿਹੇ ਹੋਣਹਾਰ ਖਿਡਾਰੀ ਯੂਨੀਵਰਸਿਟੀ ਦਾ ਮਾਣ ਹਨ। -ਪੱਤਰ ਪ੍ਰੇਰਕ