ਦੇਵੀਗੜ੍ਹ:
ਗੁਰਮਤਿ ਕਾਲਜ ਪਟਿਆਲਾ ਵਿੱਚ ਲਗਾਏ ਤਿੰਨ-ਰੋਜ਼ਾ ਵਿਸ਼ੇਸ਼ ਗੁਰਮਤਿ ਸਿੱਖਿਆ ਕੈਂਪ ਵਿੱਚ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀਆਂ ਨੇ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਰਹਿਨੁਮਾਈ ਅਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ। ਡਾ. ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਸੀ। ਕੈਂਪ ਵਿੱਚ ਲਗਭਗ 20 ਕਾਲਜਾਂ ਦੇ 200 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਨਿਤਨੇਮ, ਵਿਚਾਰ ਗੋਸ਼ਟੀਆਂ, ਸਾਖੀ ਸੁਣਾਉਣਾ, ਕੁਇੱਜ਼ ਮੁਕਾਬਲੇ ਅਤੇ ਗੁਰਮਤਿ ਸੰਗੀਤ ਆਦਿ ਕਰਵਾਏ ਗਏ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਵਿਦਿਆਰਥੀਆਂ ਸਿੱਖ ਜੀਵਨ ਜਾਂਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ