ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 21 ਮਈ
ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਲਾਈਨ ਉਪਰ ਲਗਾਏ ਧਰਨੇ ਨੂੰ ਸਮਾਪਤ ਕਰਨ ਤੋਂ ਬਾਅਦ ਰੇਲ ਆਵਾਜਾਈ ਸੁਚਾਰੂ ਹੋਣ ਨਾਲ ਆਮ ਜਨਤਾ ਨੇ ਸੁੱਖ ਦਾ ਸਾਹ ਲਿਆ ਹੈ। ਪੰਜਾਬ ਪ੍ਰਵੇਸ਼ ’ਤੇ ਪਹਿਲਾ ਰੇਲਵੇ ਸਟੇਸ਼ਨ ਰਾਜਪੁਰਾ ਜੰਕਸ਼ਨ ’ਤੇ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਨਾਲ ਸਟੇਸ਼ਨ ਉਪਰ ਮੁੜ ਰੌਣਕਾਂ ਪਰਤ ਆਈਆਂ ਹਨ। ਇਸ ਤੋਂ ਪਹਿਲਾਂ ਰੇਲਵੇ ਸਟੇਸ਼ਨ ’ਤੇ ਲਗਭਗ 35 ਦਿਨਾਂ ਤੋਂ ਸੁੰਨ ਪੱਸਰੀ ਹੋਈ ਸੀ। ਕਿਸਾਨਾਂ ਵੱਲੋਂ ਧਰਨਾ ਚੁੱਕਣ ਤੋਂ ਬਾਅਦ ਰੇਲਵੇ ਸਟੇਸ਼ਨ ਉਪਰ ਕੰਟੀਨ ਵਗ਼ੈਰਾ ਦਾ ਕੰਮ ਕਾਰ ਕਰਨ ਵਾਲੇ ਵਿਹਲੇ ਹੋਏ ਮਜ਼ਦੂਰਾਂ ਦੇ ਚਿਹਰੇ ਖਿੜ ਗਏ ਹਨ। ਇਸ ਤੋਂ ਇਲਾਵਾ ਸਟੇਸ਼ਨ ਦੇ ਬਾਹਰ ਛੋਟੀਆਂ ਦੁਕਾਨਾਂ ਵਾਲਿਆਂ ਨੇ ਵੀ ਆਪਣੀਆਂ ਦੁਕਾਨਾਂ ਸਜਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਸਟੇਸ਼ਨ ’ਤੇ ਕੰਮ ਕਰਨ ਵਾਲੇ ਲੋਕਾਂ ਨੇ ਕਿਸਾਨ ਜਥੇਬੰਦੀਆਂ ਦਾ ਧਰਨਾ ਚੁੱਕਣ ’ਤੇ ਧੰਨਵਾਦ ਕੀਤਾ ਹੈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸੜਕਾਂ ਅਤੇ ਰੇਲਵੇ ਟਰੈਕਾਂ ’ਤੇ ਧਰਨੇ ਲਗਾਉਣ ਦੀ ਥਾਂ ਚੁਣੇ ਹੋਏ ਨੁਮਾਇੰਦਿਆਂ ਦੇ ਘਰਾਂ ਦੇ ਬਾਹਰ ਧਰਨੇ ਲਗਾਏ ਜਾਣ।