ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਜੁਲਾਈ
‘ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੀਡੀਏ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ‘ਪੀ.ਡੀ.ਏ. ਐਨਕਲੇਵ ਧੂਰੀ’ ਨਾਮਕ ਪ੍ਰਾਜੈਕਟ ਦੀ ਅਸਲ ਸਥਿਤੀ ਦਾ ਜਾਇਜ਼ਾ ਲਿਆ। ਮਗਰੋਂ ਦੱਸਿਆ ਕਿ ਇਸ ਪ੍ਰਾਜੈਕਟ ਲਈ ਧੂਰੀ ’ਚ 34.64 ਏਕੜ ਜ਼ਮੀਨ ਐਕੁਆਇਰ ਕਰ ਲਈ ਹੈ ਤੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ। ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਮੌਕੇ ਪੀਡੀਏ ਆਪਣੀਆਂ ਵੱਖ-ਵੱਖ ਥਾਵਾਂ ਦੀ ਨਿਲਾਮੀ ਕਰੇਗੀ। ਮੰਤਰੀ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਪਲਾਟਾਂ ਤੇ ਇਮਾਰਤਾਂ ਨੂੰ ਐਨਓਸੀ ਜਾਰੀ ਕਰਨ ਲਈ ਇੱਕ ਵਿਧੀ ਬਣਾਉਣ ਲਈ ਪੀ.ਡੀ.ਏ. ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਗਿਆ ਕਿ ਪੀ.ਡੀ.ਏ. ਨੇ ਲੋਕਾਂ ਦੀ ਸਹੂਲਤ ਲਈ ਇਸ ਸਬੰਧ ਵਿੱਚ ਇੱਕ ਹੈਲਪਲਾਈਨ ਨੰਬਰ 0175-5020555 ਸ਼ੁਰੂ ਕਰਨ ਤੋਂ ਇਲਾਵਾ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਹੈ। ਆਨਲਾਈਨ ਪੋਰਟਲ ’ਤੇ ਜ਼ੀਰੋ ਪੈਂਡੈਂਸੀ ਹੈ। ਮੰਤਰੀ ਨੇ ’ਵੱਡੀ ਨਦੀ ਤੇ ਛੋਟੀ ਨਦੀ ਦੇ ਪੁਨਰ-ਨਿਰਮਾਣ’, ਕਿਲਾ ਮੁਬਾਰਕ ਦੇ ਆਲੇ-ਦੁਆਲੇ ਹੈਰੀਟੇਜ ਸਟਰੀਟ ਦੇ ਨਿਰਮਾਣ ਤੇ ਪਟਿਆਲਾ ਸ਼ਹਿਰੀ ਵਿਕਾਸ ਅਥਾਰਟੀ ਦੇ 208 ਕਰੋੜ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਵੀ ਜਾਇਜ਼ਾ ਲਿਆ। ਲੋਕਾਂ ਤੇ ਕਲੋਨਾਈਜ਼ਰਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਮੁਸ਼ਕਲਾਂ ਨੂੰ ਹਮਦਰਦੀ ਨਾਲ ਸੁਣਦਿਆਂ, ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਵਧੀਆ ਸੰਭਵ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਕਲੋਨਾਈਜ਼ਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ। ਮੰਤਰੀ ਨੇ ਭਰੋਸਾ ਦਿੱਤਾ ਕਿ ਓਮੈਕਸ ਪੀ.ਡੀ.ਏ ਤੇ ਹੋਰ ਪੁੱਡਾ ਪ੍ਰਵਾਨਿਤ ਕਲੋਨੀਆਂ ਨਾਲ ਸਬੰਧਤ ਸਾਰੇ ਮੁੱਦੇ ਤਿੰਨ ਮਹੀਨਿਆਂ ’ਚ ਹੱਲ ਕਰ ਲਏ ਜਾਣਗੇ। ਸ੍ਰੀ ਅਰੋੜਾ ਨੇ ਕਿਹਾ ਕਿ ਯੋਜਨਾਬੱਧ ਸ਼ਹਿਰੀ ਵਿਕਾਸ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਜਿਸ ਕਰਕੇ ਬਹੁਤ ਜਲਦੀ ਸ਼ਹਿਰੀ ਨਾਗਰਿਕਾਂ ਦੀਆਂ ਸਮੱਸਿਆਵਾਂ ਦੀ ਸੂਚੀ ਬੌਨੀ ਹੁੰਦੀ ਜਾਵੇਗੀ। ਇਸ ਮੌਕੇ ਵਿਧਾਇਕ ਅਜੀਤਪਾਲ ਕੋਹਲੀ ਤੇ ਡਾ. ਬਲਬੀਰ ਸਿੰਘ ਸਮੇਤ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸੰਧੂ, ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਮਾਜਰਾ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਵੀ ਹਾਜ਼ਰ ਸਨ।