ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਅਕਤੂਬਰ
ਪੰਜਾਬ ਦੇ ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਸੂਬੇ ਅੰਦਰ ਸਨਅਤਾਂ ਅਤਤੇ ਹੋਰ ਪ੍ਰਾਜੈਕਟਾਂ ਲਈ ਵਾਤਾਵਰਣ ਪ੍ਰਵਾਨਗੀਆਂ ਅਤੇ ਐਨ.ਓ.ਸੀਜ਼ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਭਾਵੇਂ ਕਿ ਸਨਅਤੀਕਰਨ ਤੇ ਉਦਯੋਗਿਕ ਤਰੱਕੀ ਸਾਡੇ ਸੂਬੇ ਦੀ ਪ੍ਰਮੁੱਖ ਲੋੜ ਹੈ ਪਰੰਤੂ ਅਸੀਂ ਵਾਤਾਵਰਣ ਨੂੰ ਕਿਸੇ ਵੀ ਕੀਮਤ ਉਤੇ ਪਲੀਤ ਨਹੀਂ ਹੋਣ ਦੇ ਸਕਦੇ, ਇਸ ਲਈ ਸੂਬੇ ਦੇ ਸਨਅਤਕਾਰਾਂ ਅਤੇ ਪ੍ਰਾਜੈਕਟ ਦੇ ਮਾਲਕਾਂ ਵੱਲੋਂ ਵੀ ਆਪਣੇ ਅਦਾਰਿਆਂ ਤੇ ਸਨਅਤਾਂ ਵਿੱਚ ਟਰੀਟਮੈਂਟ ਪਲਾਂਟ ਸਮੇਤ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਦੇ ਸਾਰੇ ਉਪਾਅ ਅਤੇ ਮਸ਼ੀਨਰੀ ਨੂੰ ਸਹੀ ਢੰਗ ਨਾਲ ਚਾਲੂ ਰੱਖਿਆ ਜਾਵੇ।
ਮੀਟਿੰਗ ਦੌਰਾਨ ਸਾਹਮਣੇ ਆਏ ਲੰਬਿਤ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਨੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਦਿਆਂ, ਹਦਾਇਤ ਕੀਤੀ ਕਿ ਉਹ ਆਪਣੇ ਕੋਲ ਆਉਣ ਵਾਲੀਆਂ ਫਾਈਲਾਂ ਨੂੰ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਕਲੀਅਰ ਕਰਨਾ ਯਕੀਨੀ ਬਣਾਉਣ।
ਕੈਬਨਿਟ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰਾਜ ਅੰਦਰ ਬੋਰਡ ਦਫ਼ਤਰਾਂ ਵਿੱਚ ਅਜਿਹੀ ਪ੍ਰਣਾਲੀ ਅਪਣਾਈ ਜਾਵੇ ਤਾਂ ਕਿ ਬਿਨੈਕਰਤਾ ਦੇ ਵਾਤਾਵਰਣ ਪ੍ਰਵਾਨਗੀਆਂ ਦੇ ਕੰਮ ਸਮਾਂਬੱਧ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਤਰੀਕੇ ਨਾਲ ਆਪਣੇ ਆਪ ਹੋ ਜਾਣ ਤਾਂ ਕਿ ਉਸਨੂੰ ਦਫ਼ਤਰਾਂ ਦੇ ਗੇੜੇ ਮਾਰਨੇ ਨਾ ਪੈਣ ਅਤੇ ਕਿਸੇ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਸਾਇੰਸ, ਟੈਕਨੋਲੋਜੀ ਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਸਮੇਤ ਧਰਤੀ ਹੇਠਲਾ ਪਾਣੀ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ਪਾਲ ਵਿੱਗ ਨੇ ਭਰੋਸਾ ਦਿੱਤਾ ਕਿ ਬੋਰਡ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।