ਖੇਤਰੀ ਪ੍ਰਤੀਨਿਧ
ਪਟਿਆਲਾ, 25 ਸਤੰਬਰ
ਪੰਜਾਬ ਭਰ ਦੇ ਸਮੂਹ ਡਾਕਟਰਾਂ ਨੇ ਅੱਜ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਆਪਣੀ ਡਿਊਟੀ ਦੌਰਾਨ ਕਾਲੇ ਬਿੱਲੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਸ਼ਵ ਫ਼ਾਰਮਾਸਿਸਟ ਦਿਹਾੜਾ ਮਨਾਇਆ। ਇਸ ਦੇ ਨਾਲ ਹੀ ਅੱਜ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਸਾਰੇ ਸੂਬਾ ਕਮੇਟੀ ਮੈਂਬਰਾਂ ਨਾਲ ਆਨਲਈਨ ਮੀਟਿੰਗ ਕੀਤੀ। ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ ਜੇਕਰ ਸਰਕਾਰ 6 ਅਕਤੂਬਰ ਤੱਕ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ 7 ਅਕਤੂਬਰ ਨੂੰ ਵਿਕਾਸ ਭਵਨ ਮੁਹਾਲੀ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ, ਪੰਚਾਇਤ ਮੰਤਰੀ ਤੇ ਡਾਇਰੈਕਟਰ ਆਰਡੀਪੀ ਦਾ ਪੁਤਲਾ ਵੀ ਫੂਕਿਆ ਜਾਵੇਗਾ। ਐਸੋਸੀਏਸ਼ਨ ਦੇ ਸੂਬਾ ਆਗੂ ਸਵਰਤ ਸ਼ਰਮਾ ਅਤੇ ਗੁਰਵਿੰਦਰ ਸਿੰਘ ਨੀਰ ਨੇ ਕਿਹਾ ਕਿ ਸਮੂਹ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹੈ ਪਰ ਰਾਜ ਸਰਕਾਰ ਵੱਲੋਂ ਇਨ੍ਹਾਂ ਦੀ ਕਦਰ ਨਹੀਂ ਕੀਤੀ ਜਾ ਰਹੀ ਕਿਉਂਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਉਹ ਦੋ ਦਹਾਕਿਆਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਜਿਸ ਕਰਕੇ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਪੰਜਾਬ ਸਰਕਾਰ ਤੋਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਈ 2023 ਵਿੱਚ 10 ਸਾਲਾਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨੀਤੀ ਲਿਆਂਦੀ ਸੀ, ਜਿਸ ਦੇ ਆਧਾਰ ’ਤੇ ਸਾਰੇ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਵੀ ਰੈਗੂਲਰ ਹੋਣ ਜਾ ਰਹੇ ਸੀ। ਦਫ਼ਤਰੀ ਕਾਰਵਾਈ ਨਵੰਬਰ 2023 ਤੱਕ ਮੁਕੰਮਲ ਹੋ ਜਾਣ ਦੇ ਬਾਵਜੂਦ ਸਰਕਾਰ ਨੇ ਇਸ ਪਾਲਸੀ ਨੂੰ ਲਾਗੂ ਨਾਲ ਮਜ਼ਾਕ ਕੀਤਾ ਹੈ। ਇਸ ਮੌਕੇ ਗੁਰਸੇਵਕ ਸਿੰਘ, ਗੁਰਮੁਖ ਸਿੱਘ ਤੇ ਨੀਤਾ ਬੱਤਰਾ ਆਦਿ ਹਾਜ਼ਰ ਸਨ।