ਖੇਤਰੀ ਪ੍ਰਤੀਨਿਧ
ਪਟਿਆਲਾ, 25 ਅਗਸਤ
ਪੁਲੀਸ ਵੱਲੋਂ ਲੋਕਾਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ, ਉੱਥੇ ਹੀ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਐੱਸਐੱਸਪੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਪਟਿਆਲਾ ਪੁਲੀਸ ਵੱਲੋਂ ਕੋਵਿਡ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਜ਼ਿਲ੍ਹੇ ’ਚ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ। ਲੋਕਾਂ ਨੂੰ ਮਿਸ਼ਨ ਫ਼ਤਿਹ ਤਹਿਤ ਜਾਗਰੂਕ ਕਰਨ ਦੇ ਮਕਸਦ ਨਾਲ ਪੋਸਟਰ ਬਣਾ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਲਗਾਏ ਜਾ ਰਹੇ ਹਨ। ਇਸ ਵਿੱਚ ਮਾਸਕ ਨੂੰ ਸਹੀ ਪਹਿਨਣਾ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣਾ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਸਬੰਧੀ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਇਸ ਜਾਗਰੂਕਤਾ ਮੁਹਿੰਮ ਦੌਰਾਨ ਲੋੜਵੰਦਾਂ ਨੂੰ ਮਾਸਕ ਵੀ ਵੰਡੇ ਜਾ ਰਹੇ ਹਨ। ਲੋਕਾਂ ਨੂੰ ਅਪੀਲ ਕਰਦਿਆਂ, ਪੁਲੀਸ ਮੁਖੀ ਨੇ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰ ਕੇ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ।