ਰਵੇਲ ਸਿੰਘ ਭਿੰਡਰ
ਪਟਿਆਲਾ, 26 ਮਈ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਪੀ.ਐਸ.ਈ.ਬੀ. ਐਂਪਲਾਈਜ਼ ਜੁਆਇੰਟ ਫੋਰਮ ਵਿੱਚ ਸ਼ਾਮਲ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਟੈਕਨੀਕਲ ਸਰਵਿਸਜ ਯੂਨੀਅਨ, ਪੀ.ਐਸ.ਈ.ਬੀ. ਐਂਪਲਾਈਜ਼ ਫੈਡਰੇਸ਼ਨ, ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਐਂਪਲਾਈਜ ਫੈਡਰੇਸ਼ਨ (ਫਲਜੀਤ), ਥਰਮਲ ਐਂਪਲਾਈਜ ਕੁਆਰਡੀਨੇਸ਼ਨ ਕਮੇਟੀ, ਹੈਡ ਆਫਿਸ ਐਂਪਲਾਈਜ ਫੈਡਰੇਸ਼ਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਵਰਕਰਜ ਫੈਡਰੇਸ਼ਨ ਇੰਟਕ ਪਾਵਰਕੌਮ ਤੇ ਟਰਾਂਸਕੋ ਅਤੇ ਪੰਜਾਬ ਰਾਜ ਬਿਜਲੀ ਬੋਰਡ ਮਜ਼ਦੂਰ ਸੰਘ ਦੇ ਬਿਜਲੀ ਕਾਮਿਆਂ ਵੱਲੋਂ ਸਮੁੱਚੇ ਪੰਜਾਬ ਦੇ ਦਫਤਰਾਂ, ਘਰਾਂ ਤੇ ਵਹੀਕਲਾਂ ਤੇ ਕਾਲੇ ਝੰਡੇ ਲਾ ਕੇ ਅਤੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਦਿਵਸ ਮਨਾਇਆ ਗਿਆ। ਇਹ ਰੋਸ ਪ੍ਰਦਰਸ਼ਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ, ਬਿਜਲੀ ਸੋਧ ਬਿਲ 2020 ਅਤੇ ਮਜਦੂਰ ਵਿਰੋਧੀ ਲੇਬਰ ਕਾਨੂੰਨ ਵਾਪਸ ਲੈਣ ਲਈ ਕੀਤੇ ਗਏ।
ਸੂਬੇ ਭਰ ਦੀਆਂ ਵੱਖਵੱਖ ਥਾਵਾਂ ਤੇ ਕੀਤੇ ਰੋਸ ਪ੍ਰਦਰਸ਼ਨਾਂ ਨੂੰ ਜੁਆਇੰਟ ਫੋਰਮ ਦੇ ਸੁਬਾਈ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬਲਵਿੰਦਰ ਸਿੰਘ ਸੰਧੂ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਰਵੇਲ ਸਿੰਘ ਸਹਾਏਪੁਰ, ਬਿ੍ਰਜ ਲਾਲ, ਹਰਜਿੰਦਰ ਸਿੰਘ ਦੁਧਾਲਾ, ਜਗਰੂਪ ਸਿੰਘ ਮਹਿਮਦਪੁਰ, ਅਸ਼ੋਕ ਕੁਮਾਰ, ਅਵਤਾਰ ਸਿੰਘ ਕੈਂਥ, ਜਗਜੀਤ ਸਿੰਘ, ਪ੍ਰੀਤਮ ਸਿੰਘ ਪਿੰਡੀ, ਹਰਜੀਤ ਸਿੰਘ, ਕਰਮਚੰਦ ਖੰਨਾ, ਸਿਕੰਦਰ ਨਾਥ, ਕੰਵਲਜੀਤ ਸਿੰਘ, ਸੁਖਵਿੰਦਰ ਸਿੰਘ ਦੁੱਮਕਾ, ਗੁਰਦਿੱਤ ਸਿੰਘ ਸਿੱਧੂ, ਰਾਮ ਲੁਭਾਇਆ, ਨਛੱਤਰ ਸਿੰਘ ਰਣੀਆ ਅਤੇ ਸਥਾਨਕ ਆਗੂਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਕਿਸਾਨ, ਮਜਦੂਰ, ਮੁਲਾਜਮ ਅਤੇ ਆਮ ਜਨਤਾ ਵਿਰੋਧੀ ਨੀਤੀਆਂ ਦੀ ਸਖਤ ਨਿੰਦਾ ਕਰਦਿਆਂ ਕਿਸਾਨ ਵਿਰੋਧੀ ਕਾਲੇ ਕਾਨੂੰਨ, ਬਿਜਲੀ ਸੋਧ ਬਿਲ 2020 ਅਤੇ ਮਜਦੂਰ ਵਿਰੋਧੀ ਕਿਰਤ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਇਨਾ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਦੀ ਆੜ ਹੇਠ ਤਰਾਂ ਤਰਾਂ ਦੇ ਹੱਥਕੰਡੇ ਅਪਣਾ ਕੇ ਕਿਸਾਨ ਸੰਘਰਸ਼ ਨੂੰ ਖਤਮ ਕਰਨਾ ਅਤੇ ਫਿਰਕੂ ਨੀਤੀਆਂ ਅਪਣਾ ਕੇ ਲੋਕਾਂ ਵਿੱਚ ਪਾੜਾ ਪਾਉਣਾ ਚਾਹੁੰਦੀ ਹੈ। ਜਿਸ ਕਰਕੇ ਕਿਸਾਨਾਂ, ਮਜਦੂਰਾਂ, ਮੁਲਾਜਮਾਂ ਤੇ ਮਿਹਨਤਕਸ਼ ਜਨਤਾ ਵੱਲੋਂ ਕਾਲੇ ਝੰਡੇ ਲਾ ਕੇ ਰੋਸ ਪ੍ਰਦਰਸ਼ਨ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ।