ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 27 ਜੁਲਾਈ
ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਵੱਲੋਂ ਆਪਣੇ ਖਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਨਵੰਬਰ ਮਹੀਨੇ ਵਿੱਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਇਸ ਤਹਿਤ ਜਿਲਾ ਸਿੱਖਿਆ ਅਫਸਰ (ਅ) ਇੰਜੀ. ਅਮਰਜੀਤ ਸਿੰਘ ਦੀ ਦੇਖ-ਰੇਖ ‘ਚ ਜਿਲੇ ਦੇ 940 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੜਾਅ ਵਾਰ ਸਿਖਲਾਈ ਦੇਣੀ ਆਰੰਭ ਕਰ ਦਿੱਤੀ ਗਈ ਹੈ। ਜ਼ਿਲ੍ਹੇ ਦੇ 16 ਸਿੱਖਿਆ ਬਲਾਕਾਂ ਦੇ ਬੀਪੀਈਓਜ਼ ਤੇ ਬਲਾਕ ਮੈਂਟਰਜ਼ ਦੀ ਦੇਖਰੇਖ ਵਿੱਚ ਬਲਾਕ ਰਿਸੋਰਸ ਸੈਂਟਰਾਂ ਵਿੱਚ ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਬਲਾਕ ਵਾਰ ਸਿਖਲਾਈ ਦੇਣੀ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਬਲਾਕ ਨੋਡਲ ਅਫਸਰਾਂ ਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਦੇ ਮੈਂਬਰਾਂ ਵੱਲੋਂ ਨੈਸ ਦੇ ਵੱਖ-ਵੱਖ ਪਹਿਲੂਆਂ ’ਤੇ ਚਾਨਣਾ ਪਾਇਆ। ਡੀਈਓ (ਅ) ਇੰਜੀ. ਅਮਰਜੀਤ ਸਿੰਘ ਨੇ ਇਸ ਸਬੰਧੀ ਵੱਖ-ਵੱਖ ਥਾਵਾਂ ’ਤੇ ਸਕੂਲ ਅਧਿਆਪਕਾਂ ਨੂੰ ਸੰਬੋਧਨ ਕੀਤਾ। ਇਸੇ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਅ) ਮਨਵਿੰਦਰ ਕੌਰ ਭੁੱਲਰ ਨੇ ਵੀ ਕੁਝ ਕੇਂਦਰਾਂ ਦਾ ਦੌਰਾ ਕੀਤਾ ਗਿਆ।