ਪੱਤਰ ਪ੍ਰੇਰਕ
ਪਟਿਆਲਾ, 23 ਅਗਸਤ
ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ਼ ਇੰਡੀਆ ਅਤੇ ਬਹੁਜਨ ਸਮਾਜ ਵੱਲੋਂ ਇੱਥੇ ਬੱਸ ਸਟੈਂਡ ਨੇੜੇ ਡਾ. ਅੰਬੇਡਕਰ ਦੇ ਬੁੱਤ ਕੋਲ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਫਰੰਟ ਦੇ ਕੌਮੀ ਪ੍ਰਧਾਨ ਪ੍ਰੀਤ ਕਾਂਸੀ ਨੇ ਦੱਸਿਆ ਕਿ ਫਰੰਟ ਵੱਲੋਂ ਅੱਜ ਇਹ ਸੰਕੇਤਕ ਰੋਸ ਪ੍ਰਦਰਸ਼ਨ ਰਾਜਸਥਾਨ ਦੇ ਜਲੌਰ ਵਿੱਚ ਇੱਕ ਸਕੂਲ ਦੇ ਅਨੁਸੂਚਿਤ ਜਾਤੀ ਦੇ ਬੱਚੇ ਦੀ ਇੱਕ ਅਧਿਆਪਕ ਵੱਲੋਂ ਕੀਤੀ ਗਈ ਕੁੱਟਮਾਰ ਮਗਰੋਂ ਉਸਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋਣ ਤੇ ਇਸ ਮਾਮਲੇ ’ਚ ਸਖ਼ਤ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਰਾਜਸਥਾਨ ਸਰਕਾਰ ਵੱਲੋਂ ਇਸ ਬੱਚੇ ਦੀ ਹੱਤਿਆ ਦੇ ਮੁੱਖ ਕਥਿਤ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਕਰਨ ਲਈ ਸਬੰਧਤ ਸਰਕਾਰ/ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਬਣਦੀ ਕਾਨੂੰਨੀ ਕਾਰਵਾਈ ਲਈ ਕੋਈ ਐਕਸ਼ਨ ਨਾ ਲਿਆ ਗਿਆ ਤਾਂ ਪੂਰੇ ਬਹੁਜਨ ਸਮਾਜ ਵੱਲੋਂ ਵਿਆਪਕ ਪੱਧਰ ’ਤੇ ਪ੍ਰਦਰਸ਼ਨ ਕੀਤੇ ਜਾਣਗੇ।