ਪੱਤਰ ਪੇ੍ਰਕ
ਰਾਜਪੁਰਾ, 31 ਅਗਸਤ
ਇਥੋਂ ਦੇ ਮਿੰਨੀ ਸਕੱਤਰੇਤ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪੰਚਾਇਤ ਸਕੱਤਰ ਅਤੇ ਵੀ.ਡੀ.ਓ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਵਿੱਚ ਰੋਸ ਧਰਨਾ ਦੇ ਕੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਆਗੂਆਂ ਰਣਜੀਤ ਸਿੰਘ, ਸੰਪੂਰਨ ਸਿੰਘ, ਸਰਬਜੀਤ ਕੌਰ, ਹਰਿੰਦਰ ਸਿੰਘ ਸਮੇਤ ਹੋਰਨਾਂ ਨੇ ਆਖਿਆ ਕਿ ਸਰਕਾਰ ਪੰਚਾਇਤ ਸਕੱਤਰਾਂ ਅਤੇ ਵੀ.ਡੀ.ਓਜ਼ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਜਿਸ ਕਾਰਨ ਇਨ੍ਹਾਂ ਵਿੱਚ ਸਰਕਾਰ ਪ੍ਰਤੀ ਤਿੱਖਾ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ 2004 ਤੋਂ ਬੰਦ ਪਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 6ਵੇਂ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 7 ਸਤੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਸਤਪਾਲ ਸਿੰਘ, ਵਾਸੂਦੇਵ, ਸਾਹਿਬ ਸਿੰਘ ਸੈਣੀ, ਵਿਕਰਾਂਤ ਧੀਮਾਨ, ਰਵੀਕਾਂਤ, ਸੁਨੀਲ ਕੁਮਾਰ, ਹਰਭਜਨ ਸਿੰਘ ਸਮੇਤ ਹੋਰ ਮੌਜੂਦ ਸਨ।