ਪੱਤਰ ਪ੍ਰੇਰਕ
ਪਟਿਆਲਾ, 12 ਜੁਲਾਈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਗੈੱਸਟ ਪ੍ਰੋਫੈਸਰਾਂ ਵੱਲੋਂ ਉਪ ਕੁਲਪਤੀ ਦੇ ਦਫ਼ਤਰ ਅੱਗੇ ਸੰਕੇਤਕ ਧਰਨਾ ਲਗਾਇਆ ਗਿਆ। ਗੈੱਸਟ ਫੈਕਲਟੀ ਆਗੂਆਂ ਵੱਲੋਂ ਕਿਹਾ ਗਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਵੱਖ ਵੱਖ ਨੇਬਰਹੁੱਡ ਕੈਂਪਸ ਅਤੇ ਕਾਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ 250 ਤੋਂ ਜ਼ਿਆਦਾ ਗੈੱਸਟ ਫੈਕਲਟੀ ਪ੍ਰੋਫੈਸਰਾਂ ਨੂੰ ਯੂਨੀਵਰਸਿਟੀ ਨੇ ਮੁੜ ਤੋਂ ਇੰਟਰਵਿਊ ਲੈਣ ਦੇ ਫ਼ੈਸਲਾ ਕਰ ਕੇ ਚਿੰਤਾ ਵਿੱਚ ਪਾ ਦਿੱਤਾ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਇਹ ਪ੍ਰੋਫੈਸਰ ਇਨ੍ਹਾਂ ਕਾਲਜਾਂ ਵਿੱਚ ਕੰਮ ਕਰ ਰਹੇ ਹਨ। ਆਗੂਆਂ ਵੱਲੋਂ ਯੂਨੀਵਰਸਿਟੀ ਅਥਾਰਿਟੀ ਨੂੰ ਇਹ ਫ਼ੈਸਲਾ ਵਾਪਸ ਲੈਣ ਲਈ ਕਿਹਾ ਗਿਆ। ਆਗੂਆਂ ਨੇ ਇੱਥੇ ਬੋਲਦਿਆਂ ਕਿਹਾ ਕਿ ਸਿੰਡੀਕੇਟ ਵੱਲੋਂ ਪਹਿਲਾ ਹੀ ਇਨ੍ਹਾਂ ਪ੍ਰੋਫੈਸਰਾਂ ਨੂੰ 12 ਮਹੀਨੇ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਪਰ ਮੌਜੂਦਾ ਯੂਨੀਵਰਸਿਟੀ ਅਥਾਰਿਟੀ ਵੱਲੋਂ ਇਸ ਫ਼ੈਸਲੇ ਨੂੰ ਨਜ਼ਰਅੰਦਾਜ਼ ਕਰਦੇ ਹੋਏ ਗੈੱਸਟ ਫੈਕਲਟੀ ਲਈ ਮੁੜ ਇੰਟਰਵਿਊ ਦਾ ਨੋਟਿਸ ਕੱਢ ਦਿੱਤਾ ਗਿਆ।
ਧਰਨੇ ਉਪਰੰਤ ਡੀਨ ਅਕਾਦਮਿਕ ਵੱਲੋਂ ਆਗੂਆਂ ਨੂੰ ਭਰੋਸਾ ਦਿਵਾਇਆ ਗਿਆ ਕਿ 16 ਜੁਲਾਈ ਨੂੰ ਉਪ ਕੁਲਪਤੀ ਨਾਲ ਇਸ ਸਬੰਧੀ ਮੀਟਿੰਗ ਕਰਵਾਈ ਜਾਵੇਗੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੀਟਿੰਗ ਵਿੱਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਵਰਸਿਟੀ ਵਿੱਚ ਪੱਕਾ ਧਰਨਾ ਲਗਾਇਆ ਜਾਵੇਗਾ। ਧਰਨੇ ਵਿਚ ਅਮਨਦੀਪ ਸਿੰਘ, ਬੇਅੰਤ ਸਿੰਘ, ਰਵੀਦਿੱਤ ਸਿੰਘ, ਗੁਰਸੇਵਕ ਸਿੰਘ, ਬਲਵਿੰਦਰ ਸਿੰਘ, ਜਗਸੀਰ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਮੈਂਬਰ ਹਾਜ਼ਰ ਸਨ।