ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 13 ਦਸੰਬਰ
ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਯੂਨੀਵਰਸਿਟੀ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸ਼ੁਰੂ ਕੀਤਾ ਗਿਆ ਸੰਘਰਸ਼ ਵਾਈਸ ਚਾਂਸਲਰ ਦਫਤਰ ਅੱਗੇ ਮਘਿਆ ਹੋਇਆ ਹੈ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਪੂਟਾ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਦਾ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਅਵੇਸਲਾਪਣ ਨਿੰਦਣਯੋਗ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਪ੍ਰਸ਼ਾਸਨ ਨੂੰ ਵਾਰ ਵਾਰ ਚੇਤੇ ਕਰਵਾਉਣ ’ਤੇ ਵੀ ਇਨ੍ਹਾਂ ਮੰਗਾਂ ਦਾ ਕੋਈ ਸਾਰਥਕ ਹੱਲ ਅਜੇ ਤਕ ਨਹੀਂ ਨਿਕਲਿਆ। ਉਨ੍ਹਾਂ ਇਹ ਵੀ ਦੱਸਿਆ ਕਿ ਦਸੰਬਰ ਮਹੀਨੇ ਦੇ ਤੇਰਾਂ ਦਿਨ ਬੀਤਣ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਅਜੇ ਤੱਕ ਜਾਰੀ ਨਹੀਂ ਕੀਤੀਆਂ ਗਈਆਂ ਹਨ। ਤਨਖ਼ਾਹ ਵਿੱਚ ਦੇਰੀ ਹੋਣ ਕਾਰਨ ਅਧਿਆਪਕਾਂ ਨੂੰ ਆਪਣੀਆਂ ਘਰੇਲੂ ਜ਼ਿੰਮੇਵਾਰੀਆਂ ਪੂਰੀਆਂ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਵਿਰੋਧ ਵਿੱਚ ਪੂਟਾ ਵੱਲੋਂ ਭਲਕੇ 14 ਦਸੰਬਰ ਨੂੰ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਡਾ. ਦਿਓਲ ਨੇ ਸਮੂਹ ਯੂਨੀਵਰਸਿਟੀ ਅਧਿਆਪਕਾਂ ਨੂੰ ਸੋਮਵਾਰ ਨੂੰ ਇਸ ਰੋਸ ਵਿੱਚ ਵੱਧ ਤੋਂ ਵੱਧ ਸੰਖਿਆ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਤਨਖਾਹਾਂ ਫੌਰੀ ਤੌਰ ਤੇ ਜਾਰੀ ਕਰਨ ਦੀ ਮੰਗ ਕੀਤੀ।