ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 1 ਅਗਸਤ
ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਬਲਾਕ ਦੇ ਸੀਨੀਅਰ ਅਕਾਲੀ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਾਨਾਸ਼ਾਹੀ ਨੀਤੀਆਂ ਦਾ ਤਿਆਗ ਕਰ ਕੇ ਪਾਰਟੀ ਆਹੁਦੇ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਗਈ ਹੈ।
ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਕਾਕੜਾ, ਜ਼ਿਲ੍ਹਾ ਸਲਾਹਕਾਰ ਇੰਦਰਜੀਤ ਸਿੰਘ ਤੂਰ, ਹਰਵਿੰਦਰ ਸਿੰਘ ਢਿੱਲੋਂ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਬੀਟਾ ਤੂਰ, ਅਜੈਬ ਸਿੰਘ ਗਹਿਲਾਂ, ਡਾ ਗੁਰਚਰਨ ਸਿੰਘ ਪੰਨਵਾਂ, ਦਿਲਬਾਗ ਸਿੰਘ ਆਲੋਅਰਖ, ਦਰਸ਼ਨ ਸਿੰਘ ਦਿਆਲਗੜ੍ਹ , ਬਲਜਿੰਦਰ ਸਿੰਘ ਬਿੱਟੂ ਅਤੇ ਅਜੈਬ ਸਿੰਘ ਬਖੋਪੀਰ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੀ ਸਭ ਤੋਂ ਪੁਰਾਣੀ ਪਾਰਟੀ 2017 ਤੋਂ ਬਾਅਦ ਹੋਈਆਂ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਵਿਚ ਲਗਾਤਾਰ ਬੁਰੀ ਤਰ੍ਹਾਂ ਹਾਰਾਂ ਦਾ ਸਾਹਮਣਾ ਕਰਦੀ ਹੋਈ ਅੱਜ ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪਾਰਟੀ ਪ੍ਰਧਾਨ ਨੂੰ ਇਕ ਨਿਮਾਣੇ ਸਿੱਖ ਵੱਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਨਮੁੱਖ ਹੋ ਕੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।