ਰਵੇਲ ਸਿੰਘ ਭਿੰਡਰ
ਪਟਿਆਲਾ, 22 ਅਗਸਤ
ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਅਗਵਾਈ ’ਚ ਗੁਰਦੁਆਰਾ ਸੰਤ ਕੰਬਲੀ ਵਾਲਾ ਵਿੱਚ ਰੱਖੜ ਪੁੰਨਿਆ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰੱਖੜ ਪੁੰਨਿਆ ਦਾ ਦਿਹਾੜਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਆਖੰਡ ਪਾਠ ਸਾਹਿਬ ਭੋਗ ਵੀ ਪਾਏ ਗਏ। ਇਸ ਮੌਕੇ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ, ਕਿਸਾਨ ਆਗੂਆਂ ਬੂਟਾ ਸਿੰਘ ਸ਼ਾਦੀਪੁਰ ਪ੍ਰਧਾਨ ਕਿਸਾਨ ਯੂਨੀਅਨ ਏਕਤਾ, ਹਰਬੰਸ ਸਿੰਘ ਦਦਹੇੜਾ ਅਤੇ ਹੋਰ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਜਿੱਥੇ ਰੱਖੜ ਪੁੰਨਿਆ ਦੇ ਸਬੰਧ ਵਿਚ ਇਤਿਹਾਸਕ ਤੱਥਾਂ ਬਾਰੇ ਜਾਣੂ ਕਰਵਾਇਆ, ਉਥੇ ਹੀ ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ, ਭਾਈ ਗੁਰਦੀਪ ਸਿੰਘ ਮੁੱਖ ਪ੍ਰਬੰਧਕ ਵੱਲੋਂ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ, ਹਰਬੰਸ ਸਿੰਘ ਦਦਹੇੜਾ ਅਤੇ ਕਿਸਾਨ ਆਗੂਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।