ਪੱਤਰ ਪ੍ਰੇਰਕ
ਘਨੌਰ, 14 ਜੂਨ
ਪੰਜਾਬ ਸਰਕਾਰ ਵੱਲੋਂ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਸ਼ੁਰੂ ਕੀਤੇ ਗਏ ਜਨ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂ ਕਲਾਂ ’ਚ ਹਲਕੇ ਦਾ ਤੀਜਾ ਜਨ ਸੁਵਿਧਾ ਕੈਂਪ ਲਗਾਇਆ ਗਿਆ। ਇਸ ਵਿੱਚ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਆਪਣਾ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆ ਮੁਸ਼ਕਲਾਂ ਸੁਣੀਆਂ। ਡੀਸੀ ਅਤੇ ਵਿਧਾਇਕ ਨੇ ਕਿਹਾ ਕਿ ਹੁਣ ਇਨ੍ਹਾਂ ਕੈਂਪਾਂ ਦੇ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ। ਕੈਂਪਾਂ ਵਿੱਚ ਇਲਾਕਾ ਨਿਵਾਸੀਆਂ ਨੂੰ ਸਾਰੀਆਂ ਸੇਵਾਵਾਂ ਇੱਕ ਛੱਤ ਥੱਲੇ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਮਹੀਨੇ ਦੀ 14 ਤਾਰੀਖ ਨੂੰ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਖੇਤੀਬਾੜੀ ਵਿਭਾਗ, ਮੱਛੀ ਪਾਲਣ, ਦਿਵਿਆਂਗਤਾ ਸਰਟੀਫਿਕੇਟ, ਜੋਬ ਕਾਰਡ ਸਮੇਤ ਹੋਰ ਸਹੂਲਤਾਂ ਦਿੱਤੀਆਂ ਗਈਆਂ।