ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 2 ਅਪਰੈਲ
ਇਥੋਂ ਦੇ ਸਿਵਲ ਹਸਪਤਾਲ ਵਿੱਚ 28 ਮਾਰਚ ਨੂੰ ਜ਼ੇਰੇ ਇਲਾਜ ਚਾਰ ਨੌਜਵਾਨਾਂ ’ਤੇ ਇੱਕ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਕਾਤਲਾਨਾ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਹਸਪਤਾਲ ਵਿੱਚ ਜ਼ੇਰੇ ਇਲਾਜ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਹਮਲਾਵਰਾਂ ਵੱਲੋਂ ਹਸਪਤਾਲ ਵਿੱਚ ਵੀ ਭੰਨ-ਤੋੜ ਕੀਤੀ ਗਈ ਸੀ।
ਇਸ ਮਾਮਲੇ ਵਿੱਚ ਪੁਲੀਸ ਵੱਲੋਂ ਇੱਕ ਦਰਜਨ ਵਿਅਕਤੀਆਂ ਖਿਲਾਫ ਦਰਜ ਕੀਤੇ ਗਏ ਇਰਾਦਾ ਕਤਲ ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਵਿੱਚ ਛੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਵਿੱਚੋਂ ਤਿੰਨ ਨਾਬਾਲਗ ਹੋਣ ਕਰ ਕੇ ਅਦਾਲਤ ਨੇ ਉਨ੍ਹਾਂ ਨੂੰ ਲੁਧਿਆਣਾ ਦੇ ਸੁਧਾਰ ਘਰ ਭੇਜ ਦਿੱਤਾ ਹੈ, ਜਦੋਂ ਕਿ ਤਿੰਨ ਹੋਰਨਾਂ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਕਸਤੂਰਬਾ ਪੁਲੀਸ ਚੌਕੀ ਦੇ ਇੰਚਾਰਜ ਗੁਰਨਾਮ ਸਿੰਘ ਤੇ ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਚਾਰ ਨੌਜਵਾਨਾਂ ਕਸ਼ਮੀਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ ਅਤੇ ਨਵਜੋਤ ਸਿੰਘ ’ਤੇ ਕਰੀਬ ਇੱਕ ਦਰਜਨ ਨੌਜਵਾਨਾਂ ਵੱਲੋਂ ਕਾਤਲਾਨਾ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ।
ਪੁਲੀਸ ਨੇ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਇੱਕ ਦਰਜਨ ਨੌਜਵਾਨਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਮੁਲਜ਼ਮਾਂ ਵਿੱਚੋਂ ਛੇ ਜਣੇ ਗ੍ਰਿਫ਼ਤਾਰ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਤਿੰਨ ਨਾਬਾਲਗਾਂ ਨੂੰ ਸੁਧਾਰ ਘਰ ਭੇਜ ਦਿੱਤਾ ਗਿਆ ਜਦਕਿ ਤਿੰਨ ਹੋਰ ਨੌਜਵਾਨਾਂ ਰਮਨ ਕੁਮਾਰ, ਅਰਸ਼ਦੀਪ ਸਿੰਘ ਵਾਸੀ ਪੁਰਾਣਾ ਰਾਜਪੁਰਾ ਅਤੇ ਮੋਹਿਤ ਕੁਮਾਰ ਵਾਸੀ ਜੱਗੀ ਕਲੋਨੀ ਰਾਜਪੁਰਾ ਨੂੰ ਅਦਾਲਤ ਵੱਲੋਂ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਗਿਆ ਹੈ।