ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਸਤੰਬਰ
ਪੀਆਰਟੀਸੀ ਵਿੱਚ ਕੰਮ ਕਰਦੀਆਂ ਜਥੇਬੰਦੀਆਂ ਏਟਕ, ਇੰਟਕ, ਕਰਮਚਾਰੀ ਦਲ, ਐੱਸ.ਸੀ.ਬੀ.ਸੀ., ਸੀਟੂ ਅਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਵਰਕਰਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਚੱਲ ਰਹੇ ਸੰਘਰਸ਼ ਦੀ ਕੜੀ ਦੇ ਅਗਲੇ ਪੜਾਅ ਵਜੋਂ ਇੱਥੇ ਪਟਿਆਲਾ ਬੱਸ ਸਟੈਂਡ ਦੇ ਅੰਦਰ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਐਕਸ਼ਨ ਕਮੇਟੀ ਦੇ ਕਨਵੀਨਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਅਤੇ ਮੈਂਬਰਾਨ ਬਹਾਦਰ ਸਿੰਘ, ਜਰਨੈਲ ਸਿੰਘ, ਗੁਰਬਖਸ਼ਾ ਰਾਮ, ਤਰਸੇਮ ਸਿੰਘ ਅਤੇ ਮੁਹੰਮਦ ਖਲੀਲ ਨੇ ਕੀਤੀ। ਨਿਰਮਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਧਰਨਾ ਕਰੋਨਾ ਸੰਕਟ ਦੇ ਸਮੇਂ ਕਰਮਚਾਰੀਆਂ ਨੂੰ ਸਮੇਂ ਸਿਰ ਪੂਰੀ ਤਨਖਾਹ ਅਤੇ ਪੈਨਸ਼ਨ ਨਹੀਂ ਮਿਲ ਰਹੀ। ਪੀਆਰਟੀਸੀ ਨੂੰ ਕੋਵਿਡ- 19 ਕਾਰਨ ਪਏ 200 ਕਰੋੜ ਦੇ ਘਾਟੇ ਦੀ ਪੰਜਾਬ ਸਰਕਾਰ ਪੂਰਤੀ ਨਹੀਂ ਕਰ ਰਹੀ। ਸਰਕਾਰ ਵੱਲੋਂ ਮੁਫ਼ਤ ਸਫਰ ਸਹੂਲਤਾਂ ਬਦਲੇ ਬਣਦੇ 190 ਕਰੋੜ ਦੀ ਅਦਾਇਗੀ ਵੀ ਨਹੀਂ ਕੀਤੀ ਜਾ ਰਹੀ। ਕੰਟਰੈਕਟ ਵਰਕਰਾਂ ਨੂੰ ਪੱਕੇ ਕਰਨ ਵੱਲ ਤਵੱਜੋਂ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕੰਟਰੈਕਟ ਵਰਕਰਾਂ ਦੀ ਤਨਖਾਹ ਵਿੱਚ ਪਨਬਸ ਦੀ ਤਰ੍ਹਾਂ ਵਾਧਾ ਕਰਨ ਤੇ ਕੰਟਰੈਕਟ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਬੰਦ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ 1992 ਦੀ ਪੈਨਸ਼ਨ ਸਕੀਮ ਤੋਂ ਵਾਂਝੇ ਰਹਿ ਗਏ ਕਰਮਚਾਰੀਆਂ ਨੂੰ ਪੈਨਸ਼ਨ ਸਕੀਮ ਵਿੱਚ ਸ਼ਾਮਲ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਜਿੱਥੇ ਪੀਆਰਟੀਸੀ ਮੈਨੇਜਮੈਂਟ ਤੋਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ, ਉੱਥੇ ਹੀ ਇਹ ਗੱਲ ਵੀ ਆਖੀ ਕਿ ਸਰਕਾਰ ਵੀ ਪੀਆਰਟੀਸੀ ਦੇ ਬਣਦੇ ਬਕਾਇਆਂ ਦੀ ਅਦਾਇਗੀ ਯਕੀਨੀ ਬਣਾਵੇ ਤਾਂ ਜੋ ਪੀਆਰਟੀਸੀ ਅੱਗੇ ਮੁਲਾਜ਼ਮਾਂ ਦੇ ਬਕਾਏ ਆਦਿ ਅਦਾ ਕਰ ਸਕੇ। ਇਨ੍ਹਾਂ ਮੁਲਾਜ਼ਮ ਜਥੇਬੰਦੀਆਂ ’ਤੇ ਆਧਾਰਤ ਕਮੇਟੀ ਨੇ ਮੈਨੇਜਮੈਂਟ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪੰਦਰਾਂ ਦਿਨਾਂ ਵਿੱਚ ਸਾਰੇ ਮਸਲੇ ਹੱਲ ਨਾ ਕੀਤੇ ਗਏ ਅਤੇ ਮੁਲਾਜ਼ਮਾਂ ਦੀ ਪੂਰੀ ਤਨਖਾਹ ਅਤੇ ਪੈਨਸ਼ਨ 2 ਦਿਨਾਂ ਵਿੱਚ ਨਾ ਦਿੱਤੀ ਗਈ ਤਾਂ 24 ਸਤੰਬਰ ਨੂੰ ਪੀਆਰਟੀਸੀ ਦੇ ਸਾਰੇ ਡਿੱਪੂਆਂ ਵਿੱਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਜਦਕਿ 7 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।