ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 26 ਅਪਰੈਲ
ਨਗਰ ਕੌਂਸਲ ਵੱਲੋਂ ਰੇਹੜੀ-ਫੜ੍ਹੀਆਂ ਹਟਾਉਣ ਦੇ ਰੋਸ ਵਜੋਂ ਇੱਥੋਂ ਦੇ ਰੇਹੜੀਆਂ-ਫੜ੍ਹੀਆਂ ਵਾਲਿਆਂ ਨੇ ਵਿਧਾਇਕ ਨੀਨਾ ਮਿੱਤਲ ਖ਼ਿਲਾਫ਼ ਉਦੋਂ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਉਹ ਨਗਰ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਆਏ ਸਨ।
ਜਾਣਕਾਰੀ ਅਨੁਸਾਰ ਨਗਰ ਕੌਂਸਲ ਵੱਲੋਂ ਲੰਘੇ ਕਰੀਬ ਤਿੰਨ ਹਫਤੇ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਾਜਾਇਜ ਕਬਜ਼ੇ ਹਟਾਉਣ ਸਬੰਧੀ ਹੁਕਮਾਂ ਤਹਿਤ ਕਸਬੇ ਦੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਸੜਕ ਕੰਢੇ ਖੜ੍ਹੀਆਂ ਰੇਹੜੀਆਂ ਤੇ ਫੜ੍ਹੀਆਂ ਨੂੰ ਹਟਾ ਦਿੱਤਾ ਗਿਆ। ਇਸ ਦੇ ਰੋਸ ਵਜੋਂ ਰੇਹੜੀ-ਫੜ੍ਹੀ ਵਾਲਿਆਂ ਨੇ ਬਲਵਿੰਦਰ ਕੁਮਾਰ, ਪੰਕਜ, ਰਾਜੇਸ਼ ਕੁਮਾਰ ਅਤੇ ਨੀਰਜ ਸ਼ਰਮਾ ਦੀ ਅਗਵਾਈ ਵਿੱਚ ਨਗਰ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਿਲ ਹੋ ਕੇ ਪਰਤ ਰਹੇ ਵਿਧਾਇਕ ਨੀਨਾ ਮਿੱਤਲ ਦੀ ਗੱਡੀ ਨੂੰ ਘੇਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਦਾ ਕਹਿਣਾ ਸੀ ਕਿ ਆਮ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਹੁਣ ਆਮ ਲੋਕਾਂ ਦਾ ਹੀ ਰੁਜ਼ਗਾਰ ਖੋਹਣ ਦੇ ਰਾਹ ਤੁਰ ਗਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਮੰਗ ਕੀਤੀ ਕਿ ਰੇਹੜੀ-ਫੜ੍ਹੀਆਂ ਲਈ ਪੱਕੀ ਥਾਂ ਅਲਾਟ ਕੀਤੀ ਜਾਵੇ ਤਾਂ ਜੋ ਉਹ ਆਪਣਾ ਰੁਜ਼ਗਾਰ ਤੋਰ ਸਕਣ। ਇਸ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਉਨ੍ਹਾਂ ਦੀ ਰੇਹੜੀਆਂ ਹਟਾਉਣ ਸਬੰਧੀ ਕਾਰਵਾਈ ਸਰਕਾਰ ਵੱਲੋਂ ਨਹੀਂ ਸਗੋਂ ਅਦਾਲਤੀ ਹੁਕਮਾਂ ਤਹਿਤ ਕੀਤੀ ਗਈ ਹੈ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਕਿਸੇ ਵੀ ਵਿਅਕਤੀ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ। ਉਨ੍ਹਾਂ ਦਾ ਰੁਜ਼ਗਾਰ ਕਾਇਮ ਰੱਖਣ ਲਈ ਬਦਲਵੀਂ ਥਾਂ ਅਲਾਟ ਕੀਤੀ ਜਾਵੇਗੀ। ਇਸ ਮੌਕੇ ਕਾਰਜਸਾਧਕ ਅਧਿਕਾਰੀ ਪਰਵਿੰਦਰ ਸਿੰਘ ਭੱਟੀ ਅਤੇ ਹੋਰ ਮੌਜੂਦ ਸਨ।