ਪੱਤਰ ਪ੍ਰੇਰਕ
ਪਟਿਆਲਾ, 29 ਅਗਸਤ
ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਨੌਜਵਾਨੀ ਵਿੱਚ ਨਵਾਂ ਜੋਸ਼ ਭਰਨ ਵਾਲਾ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚ ‘ਖੇਡ ਇਨਕਲਾਬ’ ਆਵੇਗਾ।
ਉਨ੍ਹਾਂ ਕਿਹਾ ਕਿ 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਸੂਬੇ ਦੇ 5 ਲੱਖ ਤੋਂ ਵੱਧ ਉੱਭਰਦੇ ਖਿਡਾਰੀ ਭਾਗ ਲੈਣਗੇ। ਭਗਵੰਤ ਮਾਨ ਸਰਕਾਰ ਨੇ ਜੇਤੂਆਂ ਲਈ 6 ਕਰੋੜ ਰੁਪਏ ਦੇ ਇਨਾਮ ਰੱਖੇ ਹਨ ਅਤੇ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਕਵਰ ਹੋਣਗੇ।
ਸ੍ਰੀ ਜੌੜੇਮਾਜਰਾ ਨੇ ਕਿਹਾ ਕਿ ਇਸ ਖੇਡ ਮਹਾਂਕੁੰਭ ਵਿੱਚ ਗ੍ਰੇਡੇਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ 28 ਖੇਡਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਕੁੱਲ ਛੇ ਉਮਰ ਵਰਗਾਂ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਅਤੇ ਪੈਰਾ-ਖਿਡਾਰੀ ਹਿੱਸਾ ਲੈਣਗੇ।
ਮਾਨ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ: ਵਿਧਾਇਕ
ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਅਜੀਤ ਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਤੇ ਕੁਲਵੰਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਦਾ ਬਣਦਾ ਮਾਣ-ਸਤਿਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਵਾਲੇ 23 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਖੇਡਾਂ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਵਚਨਬੱਧ ਹਨ ਅਤੇ ਖਿਡਾਰੀਆਂ ਲਈ ਵਿਸ਼ਵ ਪੱਧਰੀ ਖੇਡ ਢਾਂਚਾ ਮੁਹੱਈਆ ਕਰਵਾਉਣ ਦੀ ਹਰ ਕੋਸ਼ਿਸ਼ ਕਰ ਰਹੇ ਹਨ।