ਰਵੇਲ ਸਿੰਘ ਭਿੰਡਰ
ਪਟਿਆਲਾ, 15 ਮਾਰਚ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਯੂਨੀਵਰਸਿਟੀ ਕਾਲਜ ਆਫ਼ ਇੰਜਨੀਅਰਿੰਗ ਵਿਭਾਗ (ਯੂਕੋ) ਦੇ ਵਿਦਿਆਰਥੀਆਂ ਵੱਲੋਂ ਵਿਭਾਗ ਨੂੰ ਜਿੰਦਰਾ ਲਾਉਣ ਮਗਰੋਂ ਬਾਹਰ ਬੈਠ ਕੇ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਲਗਾਇਆ ਗਿਆ।
ਇਸ ਮੌਕੇ ਪੀਆਰਐੱਸਯੂ ਦੇ ਯੂਨੀਵਰਸਿਟੀ ਆਗੂ ਜਸਵਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਪੀਆਰਐੱਸਯੂ ਨੇ ਡੀਨ (ਵਿਦਿਆਰਥੀ ਭਲਾਈ) ਪਰਮਜੀਤ ਕੌਰ ਗਿੱਲ ਨੂੰ ਯੂਕੋ ਵਿਭਾਗ, ਬਾਬਾ ਬੰਦਾ ਸਿੰਘ ਬਹਾਦਰ ਹੋਸਟਲ, ਬੇਬੇ ਨਾਨਕੀ ਹੋਸਟਲ ਅਤੇ ਮਾਈ ਭਾਗੋ ਹੋਸਟਲ ਦੇ ਵਿਦਿਆਰਥੀਆਂ ਵੱਲੋਂ ਲਿਫ਼ਟਾਂ, ਬਾਥਰੂਮਾਂ ਦੀ ਸਫ਼ਾਈ, ਮੈੱਸ ਦੇ ਖਾਣੇ ਅਤੇ ਐੱਮਐੱਸਟੀ ਦੇ ਮਸਲੇ ਨੂੰ ਲੈ ਕੇ ਮੰਗ ਪੱਤਰ ਦਿੱਤਾ ਸੀ। ਇਸ ਦੌਰਾਨ ਡੀਨ ਵੱਲੋਂ ਇਕ ਹਫ਼ਤੇ ਦੇ ਅੰਦਰ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਮਿੱਥੇ ਸਮੇਂ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਹੱਲ ਨਾ ਹੋਣ ਦੀ ਸੂਰਤ ਵਿਚ ਅੱਜ ਉਨ੍ਹਾਂ ਨੂੰ ਮਜਬੂਰਨ ਵਿਭਾਗ ਨੂੰ ਜਿੰਦਰਾ ਲਾ ਕੇ ਬਾਹਰ ਬੈਠਣਾ ਪਿਆ ਹੈ। ਅਜਿਹੇ ਵਿੱਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਿਦਿਆਰਥੀਆਂ ਦੀ ਲਾਮਬੰਦੀ ਦਾ ਅਹਿਦ ਲਿਆ।
ਇਸੇ ਦੌਰਾਨ ਬਾਅਦ ਦੁਪਹਿਰ ਬਾਅਦ ਪ੍ਰਸ਼ਾਸਨ ਵੱਲੋਂ ਲਿਖਤੀ ਮੰਗਾਂ ਮੰਨ ਲਏ ਜਾਣ ਦਾ ਭਰੋਸਾ ਮਿਲਣ ਤੋਂ ਬਾਅਦ ਵਿਦਿਆਰਥੀਆਂ ਨੇ ਧਰਨਾ ਸਮਾਪਤ ਕਰ ਦਿੱਤਾ। ਵਿਦਿਆਰਥੀਆਂ ਪਾਸੋਂ ਡੀਨ (ਵਿਦਿਆਰਥੀ ਭਲਾਈ) ਪਰਮਜੀਤ ਕੌਰ ਗਿੱਲ ਤੇ ਹੋਰ ਅਧਿਕਾਰੀਆਂ ਨੇ ਮੰਗ ਪੱਤਰ ਹਾਸਲ ਕੀਤਾ ਅਤੇ ਭਰੋਸਾ ਦਿਵਾਇਆ ਕਿ ਉੱਚ ਅਥਾਰਿਟੀ ਨਾਲ ਮਿਲ ਕੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ।