ਗੁਰਨਾਮ ਸਿੰਘ ਅਕੀਦਾ
ਪਟਿਆਲਾ, 27 ਸਤੰਬਰ
ਇੱਥੋਂ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਨੂੰ ਯੂਨੀਵਰਸਿਟੀ ਤੋਂ ਬਾਹਰ ਕਰਨ ਦੇ ਮੁੱਦੇ ’ਤੇ ਆਪਣਾ ਸੰਘਰਸ਼ ਜਾਰੀ ਰੱਖਿਆ। ਅੱਜ ਵਿਦਿਆਰਥੀਆਂ ਨੇ ਮੁੱਖ ਗੇਟ ਤੋਂ ਧਰਨਾ ਚੁੱਕ ਕੇ ਪ੍ਰਬੰਧਕੀ ਬਲਾਕ ਕੋਲ ਲਾ ਦਿੱਤਾ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅੱਜ ਇਹ ਅਫ਼ਵਾਹ ਉਡਾਈ ਕਿ ਵਿਦਿਆਰਥੀਆਂ ਦਾ ਸਮਝੌਤਾ ਹੋ ਗਿਆ ਹੈ ਉਹ ਕਲਾਸਾਂ ਵਿਚ ਚਲੇ ਗਏ ਹਨ ਪਰ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰ ਕੇ ਵਾਈਸ ਚਾਂਸਲਰ ਨੂੰ ਯੂਨੀਵਰਸਿਟੀ ਤੋਂ ਬਾਹਰ ਕਰਨ ਦੀ ਮੰਗ ਉਭਾਰੀ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਵਰਸਿਟੀ ਪ੍ਰਬੰਧਕਾਂ ਨਾਲ ਬੀਤੀ ਰਾਤ ਮੀਟਿੰਗ ਹੋਈ ਸੀ, ਜਿਸ ਵਿਚ ਪ੍ਰਬੰਧਕਾਂ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਸਨ ਪਰ ਵਿਦਿਆਰਥੀ ਵਾਈਸ ਚਾਂਸਲਰ ਨੂੰ ਯੂਨੀਵਰਸਿਟੀ ਤੋਂ ਬਾਹਰ ਕਰਨ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪ੍ਰਬੰਧਕਾਂ ਨੇ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕਰਦਿਆਂ ਕਲਾਸਾਂ ਸ਼ੁਰੂ ਕਰਨ ਬਾਰੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਪਰ ਅੱਜ ਯੂਨੀਵਰਸਿਟੀ ਦੀਆਂ ਕਲਾਸਾਂ ਵਿਚ ਅੱਜ ਇੱਕਾ-ਦੁੱਕਾ ਵਿਦਿਆਰਥੀ ਹੀ ਨਜ਼ਰ ਆਏ ਜਦਕਿ ਪ੍ਰਬੰਧਕਾਂ ਦਾ ਕਹਿਣਾ ਸੀ ਕਿ ਯੂਨੀਵਰਸਿਟੀ ਪੂਰੀ ਤਰ੍ਹਾਂ ਖੁੱਲ੍ਹ ਚੁੱਕੀ ਹੈ।
ਵਿਦਿਆਰਥੀਆਂ ਨੇ ਅੱਜ ਕੈਂਪਸ ਵਿਚ ਰੋਸ ਮਾਰਚ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵੀਸੀ ਵਿਰੋਧੀ ਤਖਤੀਆਂ ਫੜੀਆਂ ਹੋਈਆਂ ਸਨ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਵੀਸੀ ਨੂੰ ਯੂਨੀਵਰਸਿਟੀ ਤੋਂ ਬਾਹਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ।
ਮੁੱਖ ਮੰਤਰੀ ਵੱਲੋਂ ਸੰਘਰਸ਼ੀ ਵਿਦਿਆਰਥੀਆਂ ਨਾਲ ਗੱਲਬਾਤ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਫੋਨ ’ਤੇ ਗੱਲਬਾਤ ਕਰਕੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰੇਗੀ। ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ। ਕਿਸੇ ਵੀ ਵਿਅਕਤੀ ਜਾਂ ਪ੍ਰਬੰਧਕਾਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ ਤੇ ਵਿਦਿਆਰਥੀਆਂ ਮੰਗਾਂ ਹੱਲ ਕੀਤੀਆਂ ਜਾਣਗੀਆਂ।