ਗੁਰਨਾਮ ਸਿੰਘ ਚੌਹਾਨ
ਪਾਤੜਾਂ, 30 ਅਕਤੂਬਰ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਾਤੜਾਂ ਪ੍ਰਸ਼ਾਸਨ ਵੱਲੋਂ ਇੱਕੋ ਛੱਤ ਹੇਠ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇੱਥੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਇੱਕੋ ਛੱਤ ਹੇਠ 13 ਵਿਭਾਗਾਂ ਦੀਆਂ ਸੇਵਾਵਾਂ ਦਾ ਲਾਭ ਪਹੁੰਚਾਇਆ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਵਾਈਸ ਚੇਅਰਮੈਨ ਸਤਨਾਮ ਸਿੰਘ ਨੇ ਸ਼ਿਰਕਤ ਕੀਤੀ। ਪ੍ਰਸ਼ਾਸਨ ਵੱਲੋਂ ਲਗਾਇਆ ਗਿਆ ਇਹ ਕੈਂਪ ਸੁਵਿਧਾ ਦੀ ਬਜਾਏ ਦੁਵਿਧਾ ਵਾਲਾ ਬਣਿਆ ਰਿਹਾ ਕਿਉਂਕਿ ਹਲਕੇ ਦੇ ਪਿੰਡਾਂ ’ਚੋਂ ਆਏ ਵੱਡੀ ਗਿਣਤੀ ਆਏ ਲੋਕਾਂ ਅਨੁਸਾਰ ਕੈਂਪ ’ਚ ਸਹੀ ਜਾਣਕਾਰੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਵੱਡੀ ਪੱਧਰ ’ਤੇ ਖੱਜਲ-ਖੁਆਰੀ ਝੱਲਣੀ ਪਈ।
ਕੈਂਪ ਵਿਚ ਪਹੁੰਚੇ ਸਵਰਨ ਸਿੰਘ, ਪਰਮਜੀਤ ਕੌਰ, ਮਾਨ ਸਿੰਘ ਖਾਨੇਵਾਲ ਤੇ ਬਲਬੀਰ ਸਿੰਘ ਦੁਤਾਲ ਆਦਿ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਾਏ ਗਏ ਇਸ ਕੈਂਪ ਦਾ ਆਮ ਲੋਕਾਂ ਨੂੰ ਕੋਈ ਲਾਭ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਇਸ ਸਬੰਧੀ ਪ੍ਰਚਾਰ ਕਾਰਨ ਵੱਡੀ ਗਿਣਤੀ ਲੋਕ ਇਸ ਕੈਂਪ ਵਿੱਚ ਪਹੁੰਚੇ ਸਨ, ਪਰ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਿਨਾ ਕੁਝ ਪੱਲੇ ਨਹੀਂ ਪਿਆ। ਉਨ੍ਹਾਂ ਮੰਗ ਕੀਤੀ ਕਿ ਜੇਕਰ ਸਰਕਾਰ ਲੋਕਾਂ ਨੂੰ ਲਾਭ ਦੇਣ ਦੀ ਇਛੁੱਕ ਹੈ ਤਾਂ ਅਜਿਹੇ ਕੈਂਪ ਪਿੰਡ ਪੱਧਰ ਉੱਤੇ ਲਗਾਏ। ਉਨ੍ਹਾਂ ਕਿਹਾ ਹੈ ਕਿ ਕੈਂਪ ਦੌਰਾਨ ਸਹੀ ਜਾਣਕਾਰੀ ਨਾ ਮਿਲਣ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਸੀ।
ਭੀੜ ਜ਼ਿਆਦਾ ਹੋਣ ਕਰ ਕੇ ਕੁਝ ਕੁ ਨੂੰ ਪ੍ਰੇਸ਼ਾਨੀ ਹੋ ਸਕਦੀ ਹੈ: ਨਾਇਬ ਤਹਿਸੀਲਦਾਰ
ਨਾਇਬ ਤਹਿਸੀਲਦਾਰ ਰਾਮ ਲਾਲ ਨੇ ਕਿਹਾ ਕਿ ਕੈਂਪ ਵਿੱਚ ਹਲਕਾ ਸ਼ੁਤਰਾਣਾ ਦੇ ਪਿੰਡਾਂ ਨਾਲ ਸਬੰਧਤ ਗ਼ਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਲੋਕਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੇ ਨਾਲ ਬਿਜਲੀ ਬਿੱਲ ਮੁਆਫ਼ ਕਰਨ, ਵਿਧਵਾਵਾਂ, ਬੁਢਾਪਾ ਅਤੇ ਅੰਗਹੀਣ ਪੈਨਸ਼ਨਾਂ ਲਈ ਬਿਨੈ ਪੱਤਰ ਭਰਨ ਤੋਂ ਇਲਾਵਾ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਕੱਠ ਜ਼ਿਆਦਾ ਹੋਣ ਕਾਰਨ ਕੁਝ ਕੁ ਲੋਕਾਂ ਨੂੰ ਪ੍ਰੇਸ਼ਾਨੀ ਪੇਸ਼ ਆਈ ਹੋ ਸਕਦੀ ਹੈ ਪਰ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਵੱਲੋਂ ਅਜਿਹਾ ਜਾਣ-ਬੁੱਝ ਕੇ ਨਹੀਂ ਕੀਤਾ ਗਿਆ। ਕੈਂਪ ’ਚ ਸ਼ਾਮਲ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਬੜੇ ਸੁਚੱਜੇ ਢੰਗ ਨਾਲ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਜਾਗਰੂਕ ਕੀਤਾ ਅਤੇ ਜ਼ਿਆਦਾਤਰ ਲੋਕ ਸੰਤੁਸ਼ਟ ਹੋ ਕੇ ਘਰਾਂ ਨੂੰ ਗਏ ਹਨ।