ਰਵੇਲ ਸਿੰਘ ਭਿੰਡਰ
ਪਟਿਆਲਾ, 11 ਫਰਵਰੀ
ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦੇ ਸੱਦੇ ’ਤੇ ਪੰਜਾਬੀ ਯੂਨੀਵਰਸਿਟੀ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਅੱਜ ਕੈਂਪਸ ਵਿੱਚ ਰੋਸ ਪ੍ਰਦਰਸ਼ਨ ਕਰਨ ਮਗਰੋਂ ਯੂਨੀਵਰਸਿਟੀ ਦਾ ਮੇਨ ਗੇਟ ਸਵੇਰੇ 8.30 ਤੋਂ 10.30 ਵਜੇ ਤੱਕ ਬੰਦ ਕੀਤਾ। ਇਸ ਮੌਕੇ ਵਾਈਸ-ਚਾਂਸਲਰ ਤੇ ਪੰਜਾਬ ਸਰਕਾਰ ਦੇ ਪੁਤਲੇ ਵੀ ਫੂਕੇ ਗਏ।
ਗੇਟ ਬੰਦ ਕਰਨ ਉਪਰੰਤ ਇਕੱਠੇ ਹੋਏ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੂਟਾ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ ਨੇ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਅਧਿਆਪਕਾਂ ਤੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ’ਚ ਹੋ ਰਹੀ ਦੇਰੀ ਦੀ ਸਖ਼ਤ ਨਿੰਦਿਆਂ ਕਰਦਿਆਂ ਇਨ੍ਹਾਂ ਮੰਗਾਂ ਸਬੰਧੀ ਫੌਰੀ ਹੱਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਤੇ ਕਰਮਚਾਰੀਆਂ ਦੇ ਸੇਵਾਕਾਲ ’ਚ ਵਾਧੇ ਤੇ ਤਰੱਕੀਆਂ ਸਬੰਧੀ ਚਿੱਠੀਆਂ ਜਾਰੀ ਨਾ ਹੋਣ ਕਾਰਨ ਯੂਨੀਵਰਸਿਟੀ ’ਚ ਰੋਸ ਹੈ। ਪੂਟਾ ਪ੍ਰਧਾਨ ਨੇ ਆਖਿਆ ਹੈ ਕਿ ਵਾਈਸ-ਚਾਂਸਲਰ ਨੇ ਪਹਿਲਾਂ ਤੋਂ ਪ੍ਰਚਿੱਲਤ ਪ੍ਰਥਾ ਮੁਤਾਬਿਕ ਸਿੰਡੀਕੇਟ ਦੀ ਪ੍ਰਵਾਨਗੀ ਦੀ ਆਸ ’ਚ ਇਹ ਪੱਤਰ ਜਾਰੀ ਨਾ ਕਰਕੇ ਅਧਿਆਪਕਾਂ ਤੇ ਕਰਮਚਾਰੀਆਂ ਨਾਲ ਬੇਇਨਸਾਫੀ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਯੂਨੀਵਰਸਿਟੀ ਦੇ ਰੈਗੂਲਰ ਵਾਈਸ-ਚਾਂਸਲਰ ਦੀ ਨਿਯੁਕਤੀ ਤੁਰੰਤ ਕਰਨ ਦੀ ਮੰਗ ਕੀਤੀ। ਇਸ ਮੌਕੇ ਵਿਦਿਆਰਥੀ ਜੱਥੇਬੰਦੀਆਂ ਦੇ ਆਗੂ ਵਰਿੰਦਰ ਕੁਮਾਰ, ਸੰਦੀਪ ਕੌਰ, ਗੁਰਮੀਤ ਸਿੰਘ ਰੁਮਾਣਾ ਤੇ ਗੁਰਸੇਵਕ ਸਿੰਘ ਸੇਬੀ ਨੇ ਇਕੱਠ ਦੌਰਾਨ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਰਲ ਕੇ ਯੂਨੀਵਰਸਿਟੀ ਨੂੰ ਬਚਾਉਣ ਲਈ ਲੋੜੀਂਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।