ਪੱਤਰ ਪ੍ਰੇਰਕ
ਰਾਜਪੁਰਾ, 30 ਜੁਲਾਈ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਾਨ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਹਰਪਾਲਪੁਰ, ਜਸਵਿੰਦਰ ਸਿੰਘ ਸਮਾਣਾ ਅਤੇ ਸੰਦੀਪ ਕੁਮਾਰ ਰਾਜਪੁਰਾ ਦੀ ਸਾਂਝੀ ਅਗਵਾਈ ਵਿੱਚ ਹੋਈ।ਇਸ ਵਿੱਚ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੁੂੰ ਲਗਾਤਾਰ ਅਣਗੋਲਿਆ ਕੀਤੇ ਜਾਣ ’ਤੇ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ ਲੰਮੇ ਅਰਸੇ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਮਸਲਿਆਂ ਦੇ ਨਬਿੇੜੇ ਲਈ ਕੋਈ ਵੀ ਕਦਮ ਨਹੀਂ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ 5 ਅਗਸਤ ਨੂੰ ਵੰਗਾਰ ਦਿਵਸ ਵੱਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਘੀ ਲਾਮਬੰਦੀ ਮੀਟਿੰਗਾਂ ਕੀਤੀਆ ਜਾ ਰਹੀਆ ਹਨ। ਉਨ੍ਹਾਂ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 5 ਅਗਸਤ ਨੂੰ ਸਮੂਹ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਘਰ ਦੀਆਂ ਛੱਤਾਂ ’ਤੇ ਕਾਲੇ ਝੰਡੇ ਲਹਿਰਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਆਗੁੂਆਂ ਨੇ ਸਰਕਾਰ ਤੋਂ ਮੰਗਾਂ ਜਲਦੀ ਮੰਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ਕਾਰਨ ਅਧਿਆਪਕਾਂ ਵਿੱਚ ਰੋਸ ਫੈਲ ਰਿਹਾ ਹੈ।