ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਨਵੰਬਰ
ਜ਼ਿਲ੍ਹਾ ਪਟਿਆਲਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦਾ ਕੰਮ ਜ਼ੋਰਾਂ ’ਤੇ ਹੈ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 10 ਲੱਖ 13 ਹਜ਼ਾਰ 997 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 10 ਲੱਖ 5 ਹਜ਼ਾਰ 384 ਝੋਨਾ ਖਰੀਦ ਵੀ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਖਰੀਦੇ ਗਏ ਝੋਨੇ ਦੀ ਸੌ ਫੀਸਦੀ ਅਦਾਇਗੀ ਕਰਨ ਦਾ ਦਾਅਵਾ ਕੀਤਾ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 2210.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿੱਚੋਂ ਪਨਗਰੇਨ ਵੱਲੋਂ 451556 ਮੀਟਰਿਕ ਟਨ, ਮਾਰਕਫੈੱਡ ਵੱਲੋਂ 244797 ਮੀਟਰਿਕ ਟਨ, ਪਨਸਪ ਵੱਲੋਂ 188100 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 117807 ਤੇ ਐੱਫ.ਸੀ.ਆਈ. ਵੱਲੋਂ 2438 ਮੀਟਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਵਪਾਰੀਆਂ ਵੱਲੋਂ 686 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ। ਪਟਿਆਲਾ ’ਚ ਵੀ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਵੱਡੀ ਸਮੱਸਿਆ ਬਣੀ ਰਹੀ ਹੈ, ਪਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਖਰੀਦੇ ਗਏ ਝੋਨੇ ਦੀ ਸੌ ਫੀਸਦੀ ਅਦਾਇਗੀ ਤਹਿਤ ਕਿਸਾਨਾਂ ਨੂੰ 2210.78 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਰੋਜ਼ਾਨਾ 50 ਹਜ਼ਾਰ ਮੀਟਰਿਕ ਟਨ ਤੋਂ ਵੀ ਜ਼ਿਆਦਾ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚੋਂ 7 ਲੱਖ ਮੀਟਿਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਡੀਸੀ ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਦਾ ਨਿਪਟਾਰਾ ਕਰਨ ਲਈ ਕਿਸਾਨ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ। ਇਸ ਤਕਨੀਕ ਦੀ ਵਰਤੋਂ ਨਾਲ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਉੱਥੇ ਵਾਤਾਵਰਨ ਪ੍ਰਦੂਸ਼ਣ ਤੋਂ ਬਚਾਅ ਹੁੰਦਾ ਹੈ।
ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਪ੍ਰਸ਼ਾਸਨ ਫੀਲਡ ’ਚ
ਪਟਿਆਲਾ: ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਜਿੰਨੀ ਤੇਜ਼ੀ ਨਾਲ ਹੋ ਰਹੀ ਹੈ, ਉਸੇ ਤੇਜ਼ੀ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਰਾਬਤਾ ਰੱਖਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੱਢਣ ਤੋਂ ਬਾਅਦ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਜਾਂ ਐਕਸ ਸੀਟੂ ਤਕਨੀਕਾਂ ਨਾਲ ਕਰਨ ਲਈ ਲੋੜੀਂਦੀ ਮੁਸ਼ੀਨਰੀ ਉਪਲਬਧ ਕਰਵਾਈ ਜਾ ਸਕੇ। ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ਵਿੱਚ ਕੰਮ ਕਰ ਰਿਹਾ ਹੈ। ਡੀਸੀ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਕੈਂਪ ਲਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ। -ਖੇਤਰੀ ਪ੍ਰਤੀਨਿਧ