ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਅਕਤੂਬਰ
ਦਿੱਲੀ ਦੇ ਟਿਕਰੀ ਬਾਰਡਰ ’ਤੇ ਸ਼ਹੀਦ ਹੋਏ ਪਿੰਡ ਉਭਾਵਾਲ ਦੇ ਨੌਜਵਾਨ ਕਿਸਾਨ ਵਰਿੰਦਰ ਸਿੰਘ ਦੇ ਪੀੜਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਇਥੇ ਡੀਸੀ ਦਫ਼ਤਰ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਬੀਤੇ ਕੱਲ੍ਹ ਤੋਂ ਕਿਸਾਨ ਦੀ ਮ੍ਰਿਤਕ ਦੇਹ ਸਥਾਨਕ ਸਿਵਲ ਹਸਪਤਾਲ ਵਿਖੇ ਪਈ ਸੀ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਪਿੰਡ ਉਭਾਵਾਲ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਜਗੀਰ ਸਿੰਘ ਉਭਾਵਾਲ ਨੇ ਦੱਸਿਆ ਕਿ ਪਿੰਡ ਉਭਾਵਾਲ ਦਾ ਵਸਨੀਕ ਕਿਸਾਨ ਵਰਿੰਦਰ ਸਿੰਘ ਦਿੱਲੀ ਦੇ ਟਿਕਰੀ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਸੀ ਜੋ ਕਿ 17 ਅਕਤੂਬਰ ਨੂੰ ਸ਼ਹੀਦ ਹੋ ਗਿਆ ਸੀ। ਲੰਘੇ ਕੱਲ੍ਹ ਕਿਸਾਨ ਦੀ ਮ੍ਰਿਤਕ ਦੇਹ ਦਿੱਲੀ ਤੋਂ ਸਿਵਲ ਹਸਪਤਾਲ ਸੰਗਰੂਰ ਲਿਆਂਦੀ ਗਈ ਸੀ। ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਦੀਆਂ ਤਿੰਨੋਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। ਜਦੋਂ ਤੱਕ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਬੁਲਾਰਿਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਪਿਛਲੇ ਕਰੀਬ 11 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਉਪਰ ਕਿਸਾਨ ਅੰਦੋਲਨ ਚੱਲ ਰਿਹਾ ਹੈ ਜਿਸ ਵਿਚ ਹੁਣ ਤੱਕ ਕਰੀਬ ਸੱਤ ਸੌ ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰੰਤੂ ਕੇਂਦਰ ਸਰਕਾਰ ਨੇ ਅੜੀਅਲ ਰਵੱਈਆ ਅਪਣਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਕਿਸਾਨ ਆਗੂ ਗੋਬਿੰਦਰ ਸਿੰਘ ਮੰਗਵਾਲ, ਰਣਜੀਤ ਸਿੰਘ ਲੌਂਗੋਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਹਰਦੇਵ ਸਿੰਘ ਕੁਲਾਰਾਂ, ਜਗੀਰ ਸਿੰਘ, ਪਰਗਟ ਸਿੰਘ ਗਿੱਲ, ਰਣਧੀਰ ਸਿੰਘ, ਜਗਮੇਲ ਸਿੰਘ, ਸਿੰਦਰਪਾਲ ਸਿੰਘ, ਸੁਖਦੇਵ ਸਿੰਘ ਕਿਰਤੀ ਕਿਸਾਨ ਯੂਨੀਅਨ ਆਦਿ ਸ਼ਾਮਲ ਸਨ। ਬਾਅਦ ਦੁਪਹਿਰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਤਹਿਸੀਲਦਾਰ ਰੋਸ ਧਰਨੇ ’ਚ ਪੁੱਜੇ ਜਿਨ੍ਹਾਂ ਨੇ ਧਰਨਾਕਾਰੀ ਕਿਸਾਨਾਂ ਤੋਂ ਮੰਗ ਪੱਤਰ ਲੈਂਦਿਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਭੇਜਣ ਦਾ ਭਰੋਸਾ ਦਿਵਾਇਆ ਜਿਸ ਮਗਰੋਂ ਧਰਨਾ ਸਮਾਪਤ ਹੋਇਆ। ਕਿਸਾਨਾਂ ਨੇ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਲਿਆ।
ਸੰਗਰੂਰ ’ਚ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਦਿੰਦੇ ਹੋਏ ਕਿਸਾਨ ਤੇ ਬੀਬੀਆਂ। ਫੋਟੋ: ਲਾਲੀ।