ਖੇਤਰੀ ਪ੍ਰਤੀਨਿਧ
ਪਟਿਆਲਾ, 7 ਸਤੰਬਰ
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪੜ੍ਹਾਈ ਹੀ ਇੱਕ ਮਾਤਰ ਅਜਿਹਾ ਸਾਧਨ ਹੈ, ਜੋ ਅਮੀਰੀ- ਗਰੀਬੀ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰ ਸਕਦਾ ਹੈ। ਉਹ ਅੱਜ ਜੱਦੀ ਪਿੰਡ ਚਲੈਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਆਪਣੇ ਪਿਤਾ ਪ੍ਰੋਫੈਸਰ ਬੀਸੀ ਵਰਮਾ ਦੀ ਯਾਦ ਵਿੱਚ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਕਾਮਰਸ ਸਟਰੀਮ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਉਨ੍ਹਾਂ ਦੀ ਪਤਨੀ ਨਵਦੀਪ ਵਰਮਾ ਤੇ ਪੁੱਤਰ ਅਯਾਨ ਵਰਮਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਵਧੇਰੇ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿਤਾ। ਇਸ ਮੌਕੇ ਪਿੰਡ ਵਾਸੀਆਂ ਦੀ ਮੰਗ ’ਤੇ ਉਨ੍ਹਾਂ ਨੇ ਸਟੇਡੀਅਮ ਅਤੇ ਲਾਇਬ੍ਰੇਰੀ ਲਈ ਡਿਪਟੀ ਕਮਿਸ਼ਨਰ ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਆਖਿਆ। ਆਪਣੇ ਪਰਿਵਾਰ ਨਾਲ ਜੱਦੀ ਹਵੇਲੀ ਦੇਖੀ ਤੇ ਪੁਰਾਣੀਆਂ ਯਾਦਾਂ ਤਾਜ਼ਾ ਕਰਦਿਆਂ ਉਨ੍ਹਾਂ ਨੇ ਪਿੰਡ ਦੇ ਬਜ਼ੁਰਗਾਂ ਦਾ ਆਸ਼ੀਰਵਾਦ ਵੀ ਲਿਆ। ਪਿੰਡ ਵਾਸੀਆਂ, ਪੰਚਾਇਤ, ਸਕੂਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਸਕੱਤਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।