ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਮਹਿੰਦਰ ਕੌਰ ਮੰਨੂ
ਸੰਗਰੂਰ, 14 ਸਤੰਬਰ
ਡਿਵੀਜ਼ਨਲ ਕਮਿਸ਼ਨਰ ਪਟਿਆਲਾ ਡਿਵੀਜ਼ਨ ਚੰਦਰ ਗੇਂਦ ਨੇ ਸਿਹਤ ਅਧਿਕਾਰੀਆਂ ਨੂੰ ਇੱਕ ਮਹੀਨੇ ਦੇ ਅੰਦਰ ਸਿਵਲ ਹਸਪਤਾਲ ਸੰਗਰੂਰ ਵਿੱਚ ਸੁਧਾਰ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਕਿ ਹਸਪਤਾਲ ਕੋਵਿਡ-19 ਵਾਇਰਸ ਦੀ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਹੋ ਸਕੇ| ਸਿਵਲ ਹਸਪਤਾਲ ਵਿੱਚ ਐਮਰਜੈਂਸੀ ਅਤੇ ਕੋਵਿਡ ਕੇਅਰ ਵਾਰਡਾਂ ਵਿੱਚ ਸਿਹਤ ਸਹੂਲਤਾਂ ਦੀ ਉਪਲਬਧਤਾ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਾਫ਼-ਸਫਾਈ ਦੇ ਮਾੜੇ ਹਾਲਾਤ ਲਈ ਅਧਿਕਾਰੀਆਂ ਦੀ ਖਿਚਾਈ ਕੀਤੀ| ਉਨ੍ਹਾਂ ਸਿਵਲ ਸਰਜਨ ਨੂੰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਸਪਤਾਲ ਵਿੱਚ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇੱਕ ਮਹੀਨੇ ਬਾਅਦ ਮੁੜ ਹਸਪਤਾਲ ਦਾ ਦੌਰਾ ਕੀਤਾ ਜਾਵੇਗਾ| ਉਨ੍ਹਾਂ ਆਕਸੀਜਨ ਜਨਰੇਸ਼ਨ ਪਲਾਂਟ, ਨਸ਼ਾ ਛੁਡਾਊ ਕੇਂਦਰ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਪਲਾਂਟਾਂ ਦੇ 24 ਘੰਟੇ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ| ਉਨ੍ਹਾਂ ਕਿਹਾ ਕਿ ਓਟ ਕਲੀਨਿਕ ਨਸ਼ਿਆਂ ਦੇ ਆਦੀ ਲੋਕਾਂ ਲਈ ਵਰਦਾਨ ਸਾਬਤ ਹੋਏ ਹਨ, ਕਿਉਂਕਿ ਸੂਬੇ ਅੰਦਰ ਵੱਡੀ ਗਿਣਤੀ ‘ਚ ਨਸ਼ਾ ਪੀੜਤ ਲੋਕ ਇਨ੍ਹਾਂ ਕੇਂਦਰਾਂ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ| ਡਿਵੀਜ਼ਨਲ ਕਮਿਸ਼ਨਰ ਨੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ|