ਜੈਮਸੀਨ ਭਾਰਦਵਾਜ
ਨਾਭਾ, 21 ਅਕਤੂਬਰ
ਇੱਥੇ ਅੱਜ ਪੰਜਾਬ ਪਬਲਿਕ ਸਕੂਲ ਨਾਭਾ ਦਾ 62ਵਾਂ ਸਥਾਪਨਾ ਦਿਵਸ ਮਨਾਇਆ ਗਿਆ ਤੇ ਇਸ ਸਬੰਧੀ ਸਮਾਰੋਹ ਯਾਦਗਾਰੀ ਹੋ ਨਬਿੜਿਆ। ਇਸ ਸਮਾਰੋਹ ਵਿੱਚ ਮੁੱਖ ਸਮਾਗਮ ਵਜੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ਿਰਕਤ ਕੀਤੀ।
ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸ਼ਾਨਦਾਰ ਪਰੇਡ ਨਾਲ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਵਿਦਿਆਰਥੀਆਂ ਨੇ ਘੋੜ ਸਵਾਰੀ, ਐਰੋਬਿਕਸ ਅਤੇ ਬੈਂਡ ਡਿਸਪਲੇਅ ਦਾ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਦਾ ਆਏ ਹੋਏ ਮਹਿਮਾਨਾਂ ਨੇ ਖੂਬ ਆਨੰਦ ਮਾਣਿਆ। ਸਕੂਲ ਦੇ ਹੈੱਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦੇ ਹੋਏ ਆਏ ਹੋਏ ਮਹਿਮਾਨਾਂ ਨੂੰ ਸਕੂਲ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਸਕੂਲ ਦੇ 1969 ਬੈਚ ਦੇ ਪੁਰਾਣੇ ਵਿਦਿਆਰਥੀ ਸੁਮਨ ਕਾਂਤ ਮੁੰਜਾਲ (ਐੱਸ-165) ਨੂੰ ‘ਰੋਲ ਆਫ਼ ਆਨਰ’ ਦੇ ਕੇ ਸਨਮਾਨਿਤ ਕੀਤਾ ਗਿਆ ਜਦਕਿ ਪ੍ਰੀਤਮ ਸਿੰਘ ਗਿੱਲ ਨੂੰ ਲਾਈਫ਼ਟਾਈਮ ਅਚੀਵਮੈਂਟ ਐਵਾਰਡ ਦੇ ਕੇ ਸਨਮਾਨਿਆ ਗਿਆ। ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੀਆਂ ਉਪਲਬਧੀਆਂ ਬਦਲੇ ਸਰਟੀਫਿਕੇਟ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਾਲ 2020 ਦੀ ਕੌਕ ਹਾਊਸ ਟਰਾਫ਼ੀ ਜਮਨਾ ਹਾਊਸ ਦੇ ਨਾਮ ਰਹੀ।
ਮੁੱਖ ਮਹਿਮਾਨ ਨੇ ਪੀਪੀਐੱਸ ਵੱਲੋਂ ਪੇਸ਼ ਕੀਤੇ ਪ੍ਰੋਗਰਾਮ ਲਈ ਵਿਦਿਆਰਥੀਆਂ ਅਤੇ ਸਟਾਫ਼ ਦੀ ਖੂਬ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੀਪੀਐੱਸ ਨਾਭਾ ਵਰਗੇ ਸਕੂਲਾਂ ਵਿੱਚ ਪੜ੍ਹ ਕੇ ਮਿਹਨਤ ਕਰਦੇ ਹੋਏ ਅੱਗੇ ਵਧਣਾ ਚਾਹੀਦਾ ਹੈ। ਸਕੂਲ ਹੈੱਡਮਾਸਟਰ ਨੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਬਦੌਲਤ ਸਕੂਲ ਦਾ ਸਥਾਪਨਾ ਦਿਵਸ ਸਫ਼ਲਤਾ ਪੂਰਵਕ ਨੇਪਰੇ ਚੜ੍ਹਿਆ। ਸਮਾਗਮ ਦੇ ਅੰਤ ਵਿੱਚ ਸਕੂਲ ਦੀ ਹੈੱਡ ਗਰਲ ਨੈਨਾ ਬਾਠ ਨੇ ਸਕੂਲ ਵੱਲੋਂ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।