ਸੁਰਿੰਦਰ ਸਿੰਘ ਚੌਹਾਨ
ਦੇਵੀਗੜ੍ਹ, 22 ਸਤੰਬਰ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪੰਚਾਇਤ ਚੋਣਾਂ ਹੁਣ ਬਿਨਾਂ ਪਾਰਟੀ ਚੋਣ ਨਿਸ਼ਾਨ ’ਤੇ ਲੜੀਆਂ ਜਾਣਗੀਆਂ। ਇਸ ਸਬੰਧੀ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੰਘੇ ਦਿਨ ਪੰਜਾਬ ਪੰਚਾਇਤੀ ਰਾਜ (ਸੋਧ) ਬਿਲ 2024 ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਹਾਲਾਂਕਿ ਅਤੀਤ ਵਿਚ ਵੀ ਪੰਚਾਇਤੀ ਚੋਣਾਂ ਬਿਨਾਂ ਚੋਣ ਨਿਸ਼ਾਨ ’ਤੇ ਹੁੰਦੀਆਂ ਰਹੀਆਂ ਹਨ, ਪਰ ਪਹਿਲਾਂ ਉਮੀਦਵਾਰ ਪਾਰਟੀ ਚੋਣ ਨਿਸ਼ਾਨ ਦੀ ਮੰਗ ਕਰ ਸਕਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਵਿਚ ਧੜੇਬੰਦੀ ਖ਼ਤਮ ਕਰ ਕੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ।
ਵਿਧਾਇਕ ਪਠਾਣਮਾਜਰਾ ਨੇ ਅੱਜ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐਲਾਨ ਕੀਤਾ ਗਿਆ ਹੈ ਕਿ ਜੋ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਵੇਗੀ, ਉਸ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਚਾਇਤ ਦੀ ਮੰਗ ਅਨੁਸਾਰ ਸਟੇਡੀਅਮ, ਸਕੂਲ ਜਾਂ ਹਸਪਤਾਲ ਵਿੱਚੋਂ ਕੋਈ ਇਕ ਸੁਵਿਧਾ ਦਿੱਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਅਤੇ ਆਪਸੀ ਭਾਈਚਾਰਕ ਸਾਂਝ ਬਹਾਲ ਕਰਨ ਲਈ ਹਲਕਾ ਸਨੌਰ ਦੇ ਵੱਧ ਤੋਂ ਵੱਧ ਪਿੰਡਾਂ ਦੇ ਲੋਕ ਸਰਬਸੰਮਤੀ ਨਾਲ ਪੰਚਾਇਤਾਂ ਚੁਣ ਕੇ ਹਲਕੇ ਨੂੰ ਮੋਹਰੀ ਬਣਾਉਣ ’ਚ ਯੋਗਦਾਨ ਪਾਉਣਗੇ।
ਸ੍ਰੀ ਪਠਾਣਮਾਜਰਾ ਨੇ ਇਹ ਵੀ ਕਿਹਾ ਕਿ ਪੰਚਾਇਤ ਚੋਣਾਂ ਬਿਲਕੁਲ ਨਿਰਪੱਖ ਹੋਣਗੀਆਂ ਪਿਛਲੀਆਂ ਸਰਕਾਰਾਂ ਵਾਂਗ ਕਿਸੇ ਦੇ ਪੇਪਰ ਰੱਦ ਨਹੀਂ ਕੀਤੇ ਜਾਣਗੇ। ਇਹ ਵੀ ਦੱਸਣਾ ਬਣਦਾ ਹੈ ਕਿ ਵਿਧਾਨ ਸਭਾ ਹਲਕਾ ਸਨੌਰ ਵਿੱਚ 250 ਦੇ ਕਰੀਬ ਪਿੰਡ ਹਨ।