ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 23 ਨਵੰਬਰ
ਇਥੋਂ ਨੇੜਲੇ ਪਿੰਡ ਮੋਹਲਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸਮੁੱਚੇ ਪਿੰਡ ਦੀ ਸੰਗਤ ਵੱਲੋਂ ਪਸ਼ਚਾਤਾਪ ਕਰਨ ਤੋਂ ਬਾਅਦ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੁੜ ਤੋਂ ਗੁਰਦੁਆਰਾ ਮੌਹਲਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੂੰ ਗੁਰਦੁਆਰੇ ਲਈ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪਿੰਡ ਵਾਸੀਆਂ ਨੂੰ ਸੌਂਪ ਦਿੱਤੇ ਗਏ ਹਨ। ਇਥੇ ਵਰਨਣਯੋਗ ਹੈ ਕਿ ਗੁਰਦੁਆਰਾ ਮੋਹਲਗੜ੍ਹ ਸਾਹਿਬ ਵਿਖੇ ਪਿੰਡ ਦੇ ਹੀ ਇੱਕ ਨੌਜਵਾਨ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਕੀਤੀ ਗਈ ਸੀ ਜਿਸ ਕਰਕੇ ਸਮੁੱਚੇ ਪਿੰਡ ਵਾਸੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਮੁਆਫੀ ਮੰਗ ਲਈ ਸੀ, ਇਸ ਤੋਂ ਬਾਅਦ ਸੰਗਤ ਨੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਸੇਵਾ ਨੂੰ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੁਕੰਮਲ ਕੀਤਾ ਗਿਆ। ਇਸ ਤੋਂ ਬਾਅਦ ਗੁਰਦੁਆਰਾ ਮੋਹਲਗੜ੍ਹ ਦੇ ਵਾਸੀਆਂ ਨੇ ਸ਼੍ਰੋਮਣੀ ਕਮੇਟੀ ਕੋਲ ਪਹੁੰਚ ਕਰਕੇ ਗੁਰਦੁਆਰਾ ਮੋਹਲਗੜ੍ਹ ਸਾਹਿਬ ਲਈ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਸ਼ੋਭਿਤ ਕਰਨ ਦੀ ਮੰਗ ਕੀਤੀ ਗਈ ਸੀ।