ਨਿੱਜੀ ਪੱਤਰ ਪੇ੍ਰਕ
ਪਟਿਆਲਾ, 21 ਮਾਰਚ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀਵਾਨ ਹਾਲ ਵਿਖੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ’ਚ ਹੋਰਨਾਂ ਪੰਥਕ ਸ਼ਖਸੀਅਤਾਂ ਤੋਂ ਇਲਾਵਾ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸ਼ਾਮਲ ਹੋਏ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਤੋਂ ਇਲਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜ਼ੂਰੀ ਰਾਗੀ ਭਾਈ ਸੁਰਿੰਦਰਬੀਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ ਗਿਆ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੋਰ ਦਿੱਤਾ ਕਿ ਗੁਰੂ ਸਾਹਿਬ ਦੇ ਫਲਸਫੇ ਨੂੰ ਸੰਸਾਰ ਭਰ ’ਚ ਲਿਜਾਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਨੌਵੇਂ ਪਾਤਸ਼ਾਹ ਵੱਲੋਂ ਧਾਰਮਿਕ ਅਜ਼ਾਦੀ, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਰਮ ਪਰਿਵਰਤਨ ਖਿਲਾਫ਼ ਦਿੱਤੀ ਲਾਸਾਨੀ ਅਤੇ ਅਦੁੱਤੀ ਸ਼ਹਾਦਤ ਇਸ ਕਰਕੇ ਵਿਲੱਖਣ ਹੈ ਕਿਉਂਕਿ ਬਲਿਦਾਨ ਕਿਸੇ ਹੋਰ ਧਰਮ ਅਤੇ ਅਕੀਦੇ ਲਈ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਿੰਦੂਆਂ ਦੇ ਹੋ ਰਹੇ ਜਬਰੀ ਧਰਮ ਪਰਿਵਰਤਨ ਨੂੰ ਰੋਕਣਾ ਸਿਰਫ ਤੇ ਸਿਰਫ ਗੁਰੂ ਸਾਹਿਬ ਕਾਰਨ ਸੰਭਵ ਹੋ ਸਕਿਆ। ਸਮਾਗਮ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਪੁੱਜੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਗੁਰਮਤਿ ਦੇ ਪ੍ਰਚਾਰ-ਪਸਾਰ ਲਹਿਰ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ। ਸਮਾਗਮ ਦੌਰਾਨ ਪੁੱਜੀਆਂ ਸ਼ਖਸੀਅਤਾਂ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿਦ ਸਿੰਘ ਲੌਂਗੋਵਾਲ, ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮਾਲਵਾ ਜ਼ੋਨ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਇੰਦਰਮੋਹਨ ਸਿੰਘ ਬਜਾਜ, ਨਰਦੇਵ ਸਿੰਘ ਆਕੜੀ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਤੋਂ ਇਲਾਵਾ ਸ਼ਹਿਰ ਦੀਆਂ ਸਮੂਹ ਸਿੱਖ ਸੰਸਥਾਵਾਂ, ਸੁਸਾਇਟੀਆਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।