ਨਿੱਜੀ ਪੱਤਰ ਪ੍ਰੇਰਕ
ਨਾਭਾ, 12 ਅਪਰੈਲ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੱਥੇ ਪੰਜਾਬ ਫਾਰਮ ਵਿੱਚ ਲਗਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨਾ ਵੱਟਾਂ ’ਤੇ ਲਾਉਣ ਦਾ ਸੁਨੇਹਾ ਦਿੰਦਿਆਂ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਅਤੇ ਖੁਸ਼ਹਾਲੀ ਲਿਆਉਣ ਦਾ ਮੁੱਖ ਏਜੰਡਾ ਲੈਕੇ ਚੱਲ ਰਹੀ ਹੈ। ਵਿਧਾਇਕ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਧਰਤੀ ਹੇਠਲਾ ਪਾਣੀ ਬਚਾਉਣ ਲਈ ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਖੇਤੀ ਕਰਨ ਨੂੰ ਤਰਜੀਹ ਦੇਣ।