ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਸੱਦੇ ਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ’ਤੇ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਚਮਕੌਰ ਸਿੰਘ ਨੇ ਕਿਹਾ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਪਿਛਲੇ ਕਰੀਬ 15 ਸਾਲਾਂ ਤੋਂ ਕਾਲਜਾਂ ਵਿਚ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਏਨੇ ਸਾਲ ਨੌਕਰੀ ਕਰਨ ਤੋਂ ਬਾਅਦ ਵੀ ਉਨ੍ਹਾਂ ਦਾ ਭਵਿੱਖ ਧੁੰਦਲਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਕਰਨ ਵਾਲੀ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਜਦੋਂ ਕਿ ਉਹ ਰੈਗੁੂਲਰ ਪ੍ਰੋਫੈਸਰਾਂ ਦੇ ਮੁਕਾਬਲੇ ਬਹੁਤ ਹੀ ਘੱਟ ਤਨਖਾਹ ’ਤੇ ਕੰਮ ਕਰ ਰਹੇ ਹਨ। ਧਰਨਾ ਸਥਾਨ ’ਤੇ ਸੁਨਾਮ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਨੇ ਵੀ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਵੱਲੋਂ ਹਲਕਾ ਵਿਧਾਇਕ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਦੀ ਅਵਾਜ਼ ਵਿਧਾਨ ਸਭਾ ਵਿਚ ਉਠਾਉਣ ਦੀ ਮੰਗ ਕੀਤੀ। ਇਸ ਮੌਕੇ ਵਿਧਾਇਕ ਅਰੋੜਾ ਨੇ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਦੇਣ ਦੇ ਦਾਅਵੇ ਕਰ ਰਹੀ ਹੈ ਦੂਜੇ ਪਾਸੇ ਨੌਕਰੀ ਪੇਸ਼ਾ ਕਾਲਜ ਅਧਿਆਪਕ ਪੱਕੇ ਰੁਜ਼ਗ਼ਾਰ ਲਈ ਭਟਕ ਰਹੇ ਹਨ। ਵਿਧਾਇਕ ਅਰੋੜਾ ਨੇ ਧਰਨਾਕਾਰੀਆਂ ਨੂੰ ਉਨ੍ਹਾਂ ਦੀ ਮੰਗ ਮੁੱਖ ਮੰਤਰੀ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ।
ਕੈਪਸ਼ਨ:: ਗੈਸਟ ਫੈਕਲਟੀ ਸਹਾਇਕ ਪ੍ਰੌਫੈਸਰ ਵਿਧਾਇਕ ਅਮਨ ਅਰੋੜਾ ਨੂੰ ਮੰਗ ਪੱਤਰ ਦਿੰਦੇ ਹੋਏ।