ਖੇਤਰੀ ਪ੍ਰਤੀਨਿਧ
ਪਟਿਆਲਾ, 22 ਅਕਤੂਬਰ
ਦੀਵਾਲੀ ਦੇ ਮੱਦੇਨਜ਼ਰ ਨਗਰ ਨਿਗਮ ਨੇ ਸ਼ਹਿਰ ਨੂੰ ਲਾਈਟਾਂ ਨਾਲ ਸਜਾਇਆ ਹੈ। ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ (ਆਈ.ਏ.ਐਸ.) ਦੇ ਇਸ ਉਪਰਾਲੇ ਦੀ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਵੀਰ ਸਿੰਘ ਨੇ ਸ਼ਲਾਘਾ ਕੀਤੀ ਹੈ। ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਦੋਵਾਂ ਵਿਧਾਇਕਾਂ ਨੇ ਕਿਹਾ ਕਿ ਦੀਵਾਲੀ ਮੌਕੇ ਨਿਗਮ ਕਮਿਸ਼ਨਰ ਨੇ ਸ਼ਹਿਰ ਦੇ ਪ੍ਰਮੁੱਖ ਚੌਕਾਂ ਦੀ ਸੁੰਦਰਤਾ ਵਿੱਚ ਵਾਧਾ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਸਬੰਧੀ ਨਿਗਮ ਕਮਿਸ਼ਨਰ ਦਾ ਕਹਿਣਾ ਕਿ ਦੀਵਾਲੀ ਦੇ ਤਿਉਹਾਰ ‘ਤੇ ਲੀਲਾ ਭਵਨ, ਫੁਹਾਰਾ ਚੌਕ, ਠੀਕਰੀ ਵਾਲਾ ਚੌਕ ਦੇ ਨਾਲ-ਨਾਲ ਮਾਲ ਰੋਡ ’ਤੇ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਰੰਗ-ਬਿਰੰਗੀਆਂ ਲਾਈਟਾਂ ਲਗਾਈਆਂ ਹਨ। ਇਸ ਤੋਂ ਪਹਿਲਾਂ ਨਿਗਮ ਦੀ ਟੀਮ ਨੇ ਸ਼ਹਿਰ ਦੇ ਪ੍ਰਮੁੱਖ ਸੜਕਾਂ ਅਤੇ ਵੱਡੇ ਪਾਰਕਾਂ ਦੀ ਸਫਾਈ ਅਤੇ ਵਾਧੂ ਬੂਟੀ ਕੱਟਣ ਦਾ ਕੰਮ ਪੂਰਾ ਕੀਤਾ ਸੀ। ਵਿਧਾਇਕ ਅਜੀਤਪਾਲ ਕੋਹਲੀ ਨੇ ਨਿਗਮ ਕਮਿਸ਼ਨਰ ਨੂੰ ਸਸੁਰੱਖਿਆ ਲਈ ਫਾਇਰ ਬ੍ਰਿਗੇਡ ਨੂੰ ਅਲਰਟ ‘ਤੇ ਰੱਖਣ ਦੇ ਨਿਰਦੇਸ਼ ਦਿੱਤੇ ਹਨ।