ਪੱਤਰ ਪ੍ਰੇਰਕ
ਪਾਤੜਾਂ, 24 ਜੁਲਾਈ
ਸੂਬੇ ਵਿੱਚ ਵਧਦੀਆਂ ਅਪਰਾਧਿਕ ਵਾਰਦਾਤਾਂ ਨੂੰ ਠੱਲ੍ਹ ਪਾਉਣ ਅਤੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲੀਸ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇੱਥੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਤੇ ਪੰਜਾਬ-ਹਰਿਆਣਾ ਦੀ ਅੰਤਰਰਾਜੀ ਸਰਹੱਦ ’ਤੇ ਪਿੰਡ ਢਾਬੀ ਗੁੱਜਰਾਂ ਨੇੜੇ ਵਿਸ਼ੇਸ਼ ਨਾਕਾ ਲਗਾਇਆ ਗਿਆ। ਡੀਐੱਸਪੀ ਪਾਤੜਾਂ ਗੁਰਦੀਪ ਸਿੰਘ ਨੇ ਨਾਕੇ ਦਾ ਜਾਇਜ਼ਾ ਲਿਆ ਤੇ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਦੀ ਅਗਵਾਈ ਹੇਠ ਹਰਿਆਣਾ ਤੋਂ ਪੰਜਾਬ ਵੱਲ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ। ਥਾਣਾ ਪਾਤੜਾਂ ਦੇ ਮੁਖੀ ਪ੍ਰਕਾਸ਼ ਮਸੀਹ ਨੇ ਦੱਸਿਆ ਕਿ ਪੁਲੀਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਉੱਤੇ ਲਗਾਏ ਗਏ ਇਸ ਵਿਸ਼ੇਸ਼ ਨਾਕੇ ਦੌਰਾਨ ਹਰਿਆਣਾ ਤੋਂ ਪੰਜਾਬ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਕੇ ਕਾਗਜ਼ਾਤ ਵਗੈਰ੍ਹਾ ਚੈੱਕ ਕਰਨ ਦੇ ਨਾਲ ਤਲਾਸ਼ੀ ਵੀ ਲਈ ਗਈ।
ਉਨ੍ਹਾਂ ਦੱਸਿਆ ਕਿ ਭਾਵੇਂ ਕਿ ਇਸ ਨਾਕੇ ਦਾ ਮਕਸਦ ਸਮਾਜ ਵਿਰੋਧੀ ਅਨਸਰਾਂ ਉੱਤੇ ਨਜ਼ਰ ਰੱਖਣਾ ਸੀ ਪਰ ਇਸ ਦੌਰਾਨ ਲੰਘਣ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਸਮਾਰੋਹਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੁਲੀਸ ਵਿਭਾਗ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ।