ਸਮਾਣਾ (ਅਸ਼ਵਨੀ ਗਰਗ): ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਛੇੜੇ ਸੰਘਰਸ਼ ਤਹਿਤ ਕਿਸਾਨਾਂ ਵੱਲੋਂ ਰਿਲਾਇੰਸ ਦੇ ਪੈਟਰੋਲ ਪੰਪਾਂ, ਟੋਲ ਪਲਾਜ਼ਿਆਂ, ਮਾਲਜ਼ ਆਦਿ ਨੂੰ ਬੰਦ ਕਰਨ ਤੋਂ ਬਾਅਦ ਹੁਣ ਪਿੰਡਾਂ ਵਿਚ ਲੱਗੇ ਰਿਲਾਇੰਸ ਜੀਓ ਦੇ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟਣੇ ਸ਼ੁਰੂ ਹੋ ਗਏ ਹਨ। ਅੱਜ ਸਮਾਣਾ ਦੇ ਪਿੰਡ ਭੇਡਪੁਰਾ,ਕੋਟਲੀ ਅਤੇ ਦੋਦੜਾ ਵਿੱਚ ਕਿਸਾਨਾਂ ਨੇ ਪਿੰਡਾਂ ਵਿਚ ਲੱਗੇ ਰਿਲਾਇੰਸ ਜੀਓ ਦੇ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਅਤੇ ਉੱਥੇ ਜੰਗਲੇ ਲਗਾ ਕੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਤਾਂ ਜੋ ਕੋਈ ਵੀ ਉਨ੍ਹਾਂ ਨੂੰ ਮੁੜ ਚਾਲੂ ਨਾ ਕਰ ਸਕੇ। ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਕੇਸਰ ਸਿੰਘ ਅਤੇ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਰਿਲਾਇੰਸ ਜੀਓ ਕੰਪਨੀ ਦੇ ਮੋਬਾਇਲ ਟਾਬਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਹਨ,ਜਦੋਂਕਿ ਕਿਸਾਨਾਂ ਵੱਲੋਂ ਪਹਿਲਾ ਹੀ ਜੀਓ ਦੇ ਸਿਮਾਂ ਨੂੰ ਪੋਰਟ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ।