ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਜੂਨ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ 14 ਸਾਲਾਂ ਤੋਂ ਠੇਕਾ ਆਧਾਰ ’ਤੇ ਕੰਮ ਕਰ ਰਹੇ ਰੂਰਲ ਫਾਰਮੇਸੀ ਅਫਸਰਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸ਼ੁਰੂ ਕੀਤਾ ਸੂਬਾਈ ਸੰਘਰਸ਼ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਅੱਜ ਵੀ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਤ ਰਾਮ ਦੀ ਅਗਵਾਈ ਹੇਠਾਂ ਇਨ੍ਹਾਂ ਫਾਰਮਾਸਿਸਟਾਂ ਨੇ ਕਰੋਨਾ ਸਬੰਧੀ ਐਮਰਜੈਂਸੀ ਡਿਊਟੀਆਂ ਦਾ ਬਾਈਕਾਟ ਕਰਕੇ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡ ਕੁਆਟਰਾਂ ’ਤੇ ਧਰਨੇ ਦਿੱਤੇ। ਧਰਨਿਆਂ ਨੂੰ ਕਮਲ ਅਵਸਥੀ, ਗੁਰਸੇਵਕ ਸਿੰਘ, ਸਵਰਤ ਸ਼ਰਮਾ, ਅਮਰਿੰਦਰ ਸਿੰਘ, ਸੰਦੀਪ ਸਿੰਘ, ਗੁਰਮੁੱਖ ਸਿੰਘ, ਕੁਸ਼ਲਪਾਲ ਸਿੰਘ, ਨਿੱਪੀ ਸਿੰਘ, ਅਨਿਲ ਕੁਮਾਰ ਅਤੇ ਦਰਜਾ-ਚਾਰ ਜਗਤਾਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸੇ ਕੜੀ ਵਜੋਂ ਜਥੇਬੰਦੀ ਜ਼ਿਲ੍ਹਾ ਜਥੇਬੰਦੀ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਾਂ ਅੱਜ ਫੇਰ ਇਥੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਵਿੱਚ ਧਰਨਾ ਦਿੱਤਾ ਗਿਆ। ਬੁਲਾਰਿਆਂ ਦਾ ਕਹਿਣਾ ਸੀ ਕਿ ਪੰਚਾਇਤ ਮੰਤਰੀ ਨੇ ਭਾਵੇਂ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਭਰੋਸਾ ਦਿਵਾਇਆ ਹੈ ਪਰ ਉਨ੍ਹਾਂ ਦਾ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ।