ਪੱਤਰ ਪ੍ਰੇਰਕ
ਪਟਿਆਲਾ, 9 ਅਗਸਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹੋਸਟਲਾਂ ਦੀਆਂ ਮੈੱਸਾਂ ਵਿੱਚ ਖਾਣੇ ਦੀ ਗੁਣਵੱਤਾ ਅਤੇ ਹੋਰ ਮੰਗਾਂ ਦੇ ਹੱਲ ਲਈ ਸੰਘਰਸ਼ ’ਤੇ ਡਟੀਆਂ ਵਿਦਿਆਰਥਣਾਂ ਨੇ ਅੱਜ ਡੀਨ ਅਕਾਦਮਿਕ ਦਫ਼ਤਰ ਦਾ ਘਿਰਾਓ ਕਰ ਕੇ ਧਰਨਾ ਦਿੱਤਾ। ਇਸ ਦੌਰਾਨ ਵਿਦਿਆਰਥਣਾਂ ਨੇ ਕਿਹਾ ਕਿ ਉਹ ਮੈੱਸਾਂ ’ਚ ਖਾਣੇ ਦੀ ਗੁਣਵੱਤਾ ਸੁਧਾਰਨ ਲਈ ਸੰਘਰਸ਼ ਕਰ ਰਹੀਆਂ ਹਨ, ਪਰ ਯੂਨੀਵਰਸਿਟੀ ਪ੍ਰਸ਼ਾਸਨ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਵਿਦਿਆਰਥਣਾਂ ਨੇ ਦੱਸਿਆ ਕਿ ’ਵਰਸਿਟੀ ਅਥਾਰਿਟੀ ਵੱਲੋਂ ਕੋਈ ਸੁਣਵਾਈ ਨਾ ਕਰਨ ’ਤੇ ਉਨ੍ਹਾਂ ਨੇ ਸੋਮਵਾਰ ਨੂੰ ਹੋਸਟਲਾਂ ਵਿੱਚ ਰਹਿੰਦੇ ਵਿਦਿਆਰਥੀਆਂ ਦੀ ਮੀਟਿੰਗ ਸੱਦ ਲਈ ਹੈ ਅਤੇ ਮੰਗਲਵਾਰ ਨੂੰ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।
ਸੰਘਰਸ਼ਕਾਰੀ ਵਿਦਿਆਰਥਣਾਂ ਦਿਲਪ੍ਰੀਤ ਕੌਰ, ਮੌਸਮ ਕੌਰ, ਹਰਸ਼ ਕੌਰ, ਸੋਨਾ ਰਾਣੀ, ਹਰਪ੍ਰੀਤ ਕੌਰ ਤੇ ਖੁਸ਼ਪ੍ਰੀਤ ਕੌਰ ਆਦਿ ਨੇ ਦੱਸਿਆ ਕਿ ਵਿਦਿਆਰਥਣਾਂ ਦੀ ਮੰਗ ਹੈ ਕਿ ਖਾਣੇ ਦੀ ਗੁਣਵੱਤਾ ਦੇ ਨਾਲ-ਨਾਲ ਮੈੱਸ ਦੇ ਰੇਟਾਂ ’ਚ ਕੀਤਾ ਵਾਧਾ ਵਾਪਸ ਲਿਆ ਜਾਵੇ, ਹੋਸਟਲਾਂ ਵਿੱਚ ਵਾਈਫਾਈ ਦਾ ਪ੍ਰਬੰਧ ਕੀਤਾ ਜਾਵੇ। ਵਿਦਿਆਰਥਣਾਂ ਨੇ ਕਿਹਾ ਕਿ ਉਨ੍ਹਾਂ ਸਾਰੇ ਹੋਸਟਲਾਂ ’ਚ ਰਹਿੰਦੇ ਵਿਦਿਆਰਥੀਆਂ ਦਾ ਇਕੱਠ ਸੋਮਵਾਰ ਦਾ ਸੱਦਿਆ ਹੈ ਜਦ ਕਿ ਮੰਗਲਵਾਰ ਨੂੰ ਵੱਡਾ ਸੰਘਰਸ਼ ਕੀਤਾ ਜਾਵੇਗਾ।