ਖੇਤਰੀ ਪ੍ਰਤੀਨਿਧ
ਪਟਿਆਲਾ, 8 ਮਾਰਚ
ਵੋਟਾਂ ਦੀ 10 ਮਾਰਚ ਨੂੰ ਹੋਣ ਵਾਲ਼ੀ ਗਿਣਤੀ ਸਬੰਧੀ ਲੋੜੀਂਦੇ ਪ੍ਰਬੰਧਾਂ ਅਤੇ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਮਗਰੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਕਰਕੇ ਸਮੁੱਚੇ ਵੇਰਵਿਆਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ 8 ਹਲਕਿਆਂ ਦੀ ਗਿਣਤੀ ਲਈ 6 ਥਾਵਾਂ ਮੁਕੱਰਰ ਕੀਤੀਆਂ ਗਈਆਂ ਹਨ। ਹਰੇਕ ਗਿਣਤੀ ਕੇਂਦਰ ’ਚ ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰਤ ਅਥਾਰਟੀ ਲੈਟਰ ਨਾਲ ਮੀਡੀਆ ਦਾ ਦਾਖਲਾ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਗਿਣਤੀ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਸਾਰੇ ਇੰਤਜ਼ਾਮ ਮੁਕੰਮਲ ਹਨ। ਵੋਟਾਂ ਦੀ ਗਿਣਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਆਬਜ਼ਰਵਰਾਂ, ਮਾਈਕਰੋ ਆਬਜ਼ਰਵਰਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਦੀ ਨਜ਼ਰ ਹੇਠ ਪੂਰੇ ਸੁਤੰਤਰ ਢੰਗ ਨਾਲ ਸਵੇਰੇ 8 ਵਜੇ ਸ਼ੁਰੂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਵਿਖੇ 1-1 ਗਿਣਤੀ ਸੁਪਰਵਾਈਜ਼ਰ, 2-2 ਕਾਊਂਟਿੰਗ ਸਹਾਇਕ ਤਾਇਨਾਤ ਹਨ।