ਪਟਿਆਲਾ: ਓਲੰਪੀਅਨ ਮਨਪ੍ਰੀਤ ਕੌਰ ਅੱਜ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿੱਚ ਨਤਮਸਤਕ ਹੋਈ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਖਿਡਾਰਨ ਮਨਪ੍ਰੀਤ ਕੌਰ ਤੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾ ਦੇ ਕੇ ਸਨਮਾਨਿਆ। ਸ੍ਰੀ ਕਰਤਾਰਪੁਰ ਨੇ ਦੱਸਿਆ ਕਿ ਗੋਲਾ ਸੁੱਟਣ ਵਿੱਚ ਮਨਪ੍ਰੀਤ ਕੌਰ ਨੇ ਵੱਡੇ ਰਿਕਾਰਡ ਦਰਜ ਕਰ ਕੇ ਜਿੱਥੇ ਭਾਰਤ ਦਾ ਨਾਂ ਦੁਨੀਆਂ ਵਿਚ ਸਥਾਪਿਤ ਕੀਤਾ, ਉੱਥੇ ਹੀ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਵੀ ਰੋਸ਼ਨ ਕੀਤਾ ਹੈ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਚੀਨ ਵਿਚ ਏਸ਼ੀਅਨ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਤੋਂ ਪਹਿਲਾਂ ਮਨਪ੍ਰੀਤ ਕੌਰ ਨੇ ਗੁਰਦੁਆਰਾ ਸ੍ਰੀ ਦੁੱਖ-ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ