ਖੇਤਰੀ ਪ੍ਰਤੀਨਿਧ
ਪਟਿਆਲਾ, 11 ਮਈ
2015 ਬੈਚ ਦੇ ਆਈਏਐਸ ਆਦਿੱਤਿਆ ਉੱਪਲ ਨੇ ਮੰਗਲਵਾਰ ਨੂੰ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਬ੍ਰਾਂਚਾਂ ਦੇ ਮੁਖੀਆਂ ਨਾਲ ਜਾਣ-ਪਛਾਣ ਕਰਦਿਆਂ ਕਿਹਾ ਕਿ ਲੋਕਲ ਬਾਡੀ ਲੋਕਾਂ ਦੀ ਸੇਵਾ ਲਈ ਹੁੰਦੀ ਹੈ ਅਤੇ ਅਸੀਂ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਕਸਰ ਨਹੀਂ ਛੱਡਾਂਗੇ। ਪਟਿਆਲਾ ਆਉਣ ਤੋਂ ਪਹਿਲਾਂ ਉਹ ਕਪੂਰਥਲਾ ਵਿੱਚ ਏਡੀਸੀ ਸਨ ਤੇ ਨਾਲ ਹੀ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ। ਥਾਪਰ ਕਾਲਜ ਪਟਿਆਲਾ ਤੋਂ ਮਕੈਨੀਕਲ ਇੰਜਨੀਅਰਿੰਗ ਕਰ ਚੁੱਕੇ ਸ੍ਰੀ ਉੱਪਲ ਨੇ ਪਹਿਲੀ ਹੀ ਮੀਟਿੰਗ ਵਿੱਚ ਕਿਹਾ ਕਿ ਉਹ ਸ਼ਹਿਰ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਸਮੀਖਿਆ ਮੀਟਿੰਗਾਂ ਕਰਨਗੇ। ਇਸ ਮੌਕੇ ਸੰਯੁਕਤ ਕਮਿਸ਼ਨਰ ਨਮਨ ਮਦਕਨ, ਐਸ.ਸੀ ਸ਼ਾਮ ਲਾਲ ਗੁਪਤਾ, ਸੈਕਟਰੀ ਰਬਦੀਪ ਸਿੰਘ, ਸੁਨੀਲ ਮਹਿਤਾ, ਸੁਪਰਡੈਂਟ ਗੁਰਵਿੰਦਰ ਪਾਲ ਸਿੰਘ, ਵਿਸ਼ਾਲ ਸਿਆਲ, ਇੰਸਪੈਕਟਰ ਗੁਰਪ੍ਰੀਤ ਸਿੰਘ ਚਾਵਲਾ, ਪੀ.ਏ ਕ੍ਰਿਸ਼ਨ ਕੁਮਾਰ, ਭੁਪਿੰਦਰ ਸਿੰਘ ਆਦਿ ਵੀ ਹਾਜ਼ਰ ਸਨ।