ਖੇਤਰੀ ਪ੍ਰਤੀਨਿਧ
ਪਟਿਆਲਾ, 24 ਅਗਸਤ
ਪਟਿਆਲਾ ਜ਼ਿਲ੍ਹੇ ’ਚ ਕੌਮੀ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਅੱਜ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ 12 ਵੀਂ ਮੀਟਿੰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਐਨ.ਜੀ.ਟੀ. ਦੇ ਆਦੇਸ਼ਾਂ ’ਤੇ ਤਿਆਰ ਕੀਤੇ ਜ਼ਿਲ੍ਹਾ ਵਾਤਾਵਰਨ ਪਲਾਨ ਅਨੁਸਾਰ ਜ਼ਿਲ੍ਹੇ ਅੰਦਰ ਤਰਲ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਨਿਰਧਾਰਿਤ ਸਮੇਂ ਵਿੱਚ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਉਨ੍ਹਾਂ ਇੱਕ ਵਾਰ ਵਰਤੋਂ ’ਚ ਆਉਣ ਵਾਲੀਆਂ ਪਲਾਸਟਿਕ ਦੀਆਂ ਵਸਤਾਂ ’ਤੇ ਲੱਗੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕਰਦਿਆਂ ਨਗਰ ਨਿਗਮ ਸਮੇਤ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਪ੍ਰਚਾਰ ਮੁਹਿੰਮ ਵਿੱਢਣ ਸਮੇਤ ਆਮ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਮੁਹਿੰਮ ’ਚ ਨਾਲ ਜੋੜਨ ਲਈ ਵੀ ਆਖਿਆ।