ਪੱਤਰ ਪ੍ਰੇਰਕ
ਰਾਜਪੁਰਾ, 28 ਜੁਲਾਈ
ਗੈਰਮਿਆਰੀ ਸੂਰਜਮੁਖੀ ਦਾ ਬੀਜ ਵੇਚਣ ਵਾਲੇ ਤਿੰਨ ਦੁਕਾਨਦਾਰਾਂ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਇਥੋਂ ਦੇ ਫੁਹਾਰਾ ਚੌਕ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਇਸ ਦੇ ਆਗੂਆਂ ਪੂਰਨ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਤੇਜਿੰਦਰ ਸਿੰਘ ਹਾਸ਼ਮਪੁਰ, ਗੁਰਸੇਵਕ ਸਿੰਘ ਸੰਧਾਰਸੀ ਦਾ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਗਈ।
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਨੇ ਆਖਿਆ ਕਿ ਇਸ ਖੇਤਰ ਦੇ ਸੈਂਕੜੇ ਕਿਸਾਨਾਂ ਨੂੰ ਟਾਊਨ ਦੇ ਤਿੰਨ ਦੁਕਾਨਦਾਰਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੂਰਜਮੁਖੀ ਦਾ ਨਕਲੀ ਬੀਜ ਵੇਚੇ ਜਾਣ ਕਾਰਨ 70 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਨੁਕਸਾਨ ਸਹਿਣਾ ਪਿਆ ਹੈ। ਕਿਸਾਨ ਤਿੰਨ ਮਹੀਨੇ ਤੋਂ ਸਬੰਧਤ ਦੁਕਾਨਦਾਰਾਂ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪਰ ਪ੍ਰਸ਼ਾਸਨ ਕੋਈ ਸੁਣਵਾਈ ਨਹੀਂ ਕਰ ਰਿਹਾ। ਕਿਸਾਨ ਆਗੂ ਨੇ ਆਖਿਆ ਕਿ ਦੁਕਾਨਦਾਰਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨਾਲ ਵੱਡੀ ਧੋਖਾਧੜੀ ਕੀਤੀ ਗਈ ਹੈ। ਜਦੋਂ ਤੱਕ ਪੀੜਤ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਦਾ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ 2 ਅਗਸਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਬਰਾ ਕਰਕੇ ਇਸ ਸੰਘਰਸ਼ ਨੂੰ ਪੰਜਾਬ ਪੱਧਰ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਕਜੁੱਟਤਾ ਅੱਗੇ ਨਰਿੰਦਰ ਮੋਦੀ ਨੂੰ ਝੁਕਦਿਆਂ ਤਿੰਨ ਖੇਤੀ ਕਾਨੂੰਨ ਰੱਦ ਕਰਨੇ ਪਏ ਸਨ, ਤਾਂ ਫਿਰ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ ਅਤੇ ਪੁਲੀਸ ਪ੍ਰਸ਼ਾਸਨ ਕਾਰਵਾਈ ਕਿਉਂ ਨਹੀਂ ਕਰ ਰਿਹਾ। ਕਿਸਾਨ ਆਗੂ ਨੇ ਆਖਿਆ ਕਿ ਮੋਦੀ ਸਰਕਾਰ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਸੰਘਰਸ਼ ਤਹਿਤ 31 ਜੁਲਾਈ ਨੂੰ ਰਾਜਪੁਰਾ ਦੇ ਰੇਲਵੇ ਸਟੇਸ਼ਨ ’ਤੇ ਚਾਰ ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। 7 ਤੋਂ 14 ਅਗਸਤ ਤੱਕ ਕੇਂਦਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਧਰਨੇ ਨੂੰ ਗੁਰਮੀਤ ਸਿੰਘ ਦਿੱਤੂਪੁਰ, ਬੀਬੀ ਚਰਨਜੀਤ ਕੌਰ, ਗੁਰਚਰਨ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ ਤੁਲੇਵਾਲ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਐੱਸਡੀਐੱਮ ਰਾਜਪੁਰਾ ਨੂੰ ਸੌਂਪਿਆ ਗਿਆ।
ਮੁਹਾਲੀ ਦੀ ਕਿਸਾਨ ਰੈਲੀ ਸਬੰਧੀ ਤਿਆਰੀ ਮੀਟਿੰਗ
ਘਨੌਰ (ਪੱਤਰ ਪ੍ਰੇਰਕ) ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਮੀਟਿੰਗ ਗੁਰਦੀਪ ਸਿੰਘ ਰੁੜਕੀ ਅਤੇ ਰਣਜੀਤ ਸਿੰਘ ਲੋਹਸਿੰਬਲੀ ਦੀ ਸਾਂਝੀ ਦੇਖ-ਰੇਖ ਵਿੱਚ ਹੋਈ। ਜਿਸ ਵਿੱਚ ਜਗਤਾਰ ਸਿੰਘ, ਗੁਰਦੀਪ ਸਿੰਘ ਕਪੂਰੀ, ਗੁਰਜੀਤ ਸਿੰਘ ਧਨੋਆ, ਬਲਦੇਵ ਸਿੰਘ ਸੰਧਾਰਸੀ, ਸਤਵੀਰ ਸਿੰਘ ਬਘੌਰਾ ਅਤੇ ਅਮਰੀਕ ਸਿੰਘ ਸਿਆਲੂ ਸਮੇਤ ਹੋਰਨਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ 5 ਅਗਸਤ ਨੂੰ ਮੁਹਾਲੀ ਵਿੱਚ ਨਹਿਰੀ ਪਾਣੀਆਂ ਦੇ ਮੁੱਦੇ ਅਤੇ ਬੀ.ਬੀ.ਐਮ.ਬੀ ਵਿੱਚ ਪੰਜਾਬ ਦੀ ਸਥਾਈ ਪ੍ਰਤੀਨਿਧਤਾ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਰੋਸ ਰੈਲੀ ਸਬੰਧੀ ਤਿਆਰੀ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਰੁੜਕੀ, ਦਵਿੰਦਰ ਸਿੰਘ ਰੁੜਕੀ, ਸਾਹਿਬ ਸਿੰਘ ਤੇ ਹੋਰਾਂ ਨੇ ਆਖਿਆ ਕਿ 5 ਅਗਸਤ ਦੀ ਰੈਲੀ ਨੂੰ ਸਫਲ ਬਣਾਉਣ ਵਾਸਤੇ 29 ਜੁਲਾਈ ਤੋਂ 4 ਅਗਸਤ ਤੱਕ ਪਿੰਡਾਂ ਵਿੱਚ ਕਿਸਾਨ ਲਾਮਬੰਦੀ ਮੀਟਿੰਗਾਂ ਕੀਤੀਆਂ ਜਾਣਗੀਆਂ।