ਗੁਰਨਾਮ ਸਿੰਘ ਅਕੀਦਾ
ਪਟਿਆਲਾ, 5 ਜਨਵਰੀ
ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵੱਲੋਂ ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਯੁਵਕ ਸੇਵਾਵਾਂ ਕਲੱਬ ਪਾਵਰ ਹਾਊਸ ਯੂਥ ਕਲੱਬ ਰਣਜੀਤ ਨਗਰ, ਸਰਕਾਰੀ ਆਈਟੀਆਈ ਲੜਕਿਆਂ ਦੇ ਐੱਨਸੀਸੀ ਵਿੰਗ, ਸਰਕਾਰੀ ਆਈਟੀਆਈ ਲੜਕੀਆਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੂਚਨਾ ਤੇ ਪ੍ਰਸਾਰਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਉਦਘਾਟਨ ਜੱਸੀ ਸੋਹੀਆਂਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਨੇ ਕੀਤਾ ਅਤੇ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕੀਤੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ। ਇਸ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੂਥ ਕਲੱਬ ਪੰਜਾਬ ਵਿੱਚੋਂ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਵਿੱਚ ਵੱਡਾ ਰੋਲ ਨਿਭਾ ਸਕਦੇ ਹਨ।